ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਨਿਯੁਕਤ ਕੀਤਾ ਹੈ। ਪੰਜਾਬ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਿਆਸਤ ਦਾ ਤਖਤਾ ਪਲਟ ਹੋ ਚੁੱਕਾ ਹੈ। ਚੰਨੀ ਕੱਲ੍ਹ ਸੋਮਵਾਰ ਨੂੰ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਕਾਂਗਰਸ ਦੇ ਸੰਸਦ ਮੈਂਬਰ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਰਾਹੁਲ ਨੇ ਚੰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਾਂਗੇ। ਉਨ੍ਹਾਂ ਦਾ ਭਰੋਸਾ ਸਭ ਤੋਂ ਪਹਿਲਾਂ ਹੈ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ‘ਤੇ ਲਿਖਿਆ,’ ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਰਾਜ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਲੋਕਾਂ ਨੂੰ ਸਰਹੱਦ ਪਾਰ ਤੋਂ ਵਧ ਰਹੇ ਸੁਰੱਖਿਆ ਖਤਰੇ ਤੋਂ ਬਚਾਉਣਗੇ। ”
ਹਾਈਕਮਾਨ ਵੱਲੋਂ ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਚੰਨੀ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਰਾਜ ਭਵਨ ਪਹੁੰਚੇ। ਇਸ ਦੌਰਾਨ ਗਵਰਨਰ ਹਾਊਸ ਦੇ ਬਾਹਰ ਜਸ਼ਨ ਵਾਲਾ ਮਾਹੌਲ ਬਣ ਗਿਆ। ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਮਿਲਣ ‘ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਵਾਲਾ ਮਾਹੌਲ ਸੀ।
ਇਹ ਵੀ ਪੜ੍ਹੋ : ਕੈਪਟਨ ਨੇ ਸਿੱਧੂ ‘ਤੇ ਲਾਏ ‘ਦੇਸ਼ਧ੍ਰੋਹ’ ਦੇ ਦੋਸ਼- ਭਾਜਪਾ ਨੇ ਹਾਈਕਮਾਨ ਦੀ ਚੁੱਪ ‘ਤੇ ਚੁੱਕੇ ਸਵਾਲ
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਦੇ 24 ਘੰਟਿਆਂ ਪਿੱਛੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਿਆ ਗਿਆ ਹੈ। ਉਹ ਸੂਬੇ ਵਿੱਚ ਪਹਿਲੇ ਦਲਿਤ ਨੇਤਾ ਹਨ। ਆਪਣੀ ਜਿੱਤ ਤੋਂ ਬਾਅਦ ਉਨ੍ਹਾਂ ਨਾਲ ਜੇਡਬਲਿਊ ਮੈਰਿਅਟ ਵਿਖੇ ਨਵਜੋਤ ਸਿੰਘ ਸਿੱਧੂ ਵੀ ਨਜ਼ਰ ਆਏ।
ਦੱਸ ਦੇਈਏ ਕਿ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਇਸ ਤੋਂ ਪਹਿਲਾਂ ਸੁਨੀਲ ਜਾਖੜ, ਨਵਜੋਤ ਸਿੱਧੂ ਤੇ ਫਿਰ ਸੁਖਜਿੰਦਰ ਰੰਧਾਵਾ ਦੇ ਨਾਂ ਸਾਹਮਣੇ ਆ ਰਹੇ ਸਨ। ਪਰ ਹਾਈਕਮਾਨ ਨੇ ਇਨ੍ਹਾਂ ਸਾਰੀਆਂ ਅਟਕਲਾਂ ਨੂੰ ਚੰਨੀ ਦੇ ਨਾਂ ਦੇ ਐਲਾਨ ਨਾਲ ਖਤਮ ਕਰ ਦਿੱਤਾ।