ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐੱਫ.) ਦੇ 4000 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ‘ਤੇ ਕੇਂਦਰ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕਰਨ ਜਾ ਰਹੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰਡੀਐਫ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਸਰਕਾਰ ਦੇ ਸਟੈਂਡ ਬਾਰੇ ਚਰਚਾ ਕੀਤੀ ਗਈ।
ਇਸ ਤੋਂ ਪਹਿਲਾਂ ਸੂਬਾ ਸਰਕਾਰ ਕੇਂਦਰ ਨੂੰ ਕਈ ਪੱਤਰ ਲਿਖ ਕੇ ਆਰਡੀਐਫ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਚੁੱਕੀ ਹੈ। ਸਰਕਾਰ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਇਸ ਵਿਸ਼ੇ ਦੇ ਸਾਰੇ ਪਹਿਲੂਆਂ ‘ਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਸੂਚੀਬੱਧ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ। ਕੇਂਦਰ ਸਰਕਾਰ ਨੇ ਅਜੇ ਤੱਕ ਸੂਬਾ ਸਰਕਾਰ ਨੂੰ ਪਿਛਲੇ ਸਾਲਾਂ ਦੇ ਲਗਭਗ 3,200 ਕਰੋੜ ਰੁਪਏ ਦੇ ਆਰਡੀਐਫ ਦਾ ਭੁਗਤਾਨ ਨਹੀਂ ਕੀਤਾ ਹੈ।
ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵੱਲੋਂ 3 ਮਈ ਨੂੰ ਰਾਜ ਸਰਕਾਰ ਨੂੰ ਭੇਜੀ ਗਈ ਆਰਜ਼ੀ ਲਾਗਤ ਪੱਤਰ ਵਿੱਚ ਵੀ ਸੂਬਾ ਸਰਕਾਰ ਨੂੰ ਦਿੱਤੇ ਜਾਣ ਵਾਲੇ ਆਰਡੀਐਫ ਦਾ ਜ਼ਿਕਰ ਨਹੀਂ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਣਕ-ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ 2 ਫੀਸਦੀ ਆਰਡੀਐਫ ਅਤੇ 2 ਫੀਸਦੀ ਮਾਰਕੀਟ ਫੀਸ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਇਸ ਤੋਂ ਪਹਿਲਾਂ ਦੋਵਾਂ ‘ਤੇ ਕੇਂਦਰ ਸਰਕਾਰ ਵੱਲੋਂ 3-3 ਫੀਸਦੀ ਭੁਗਤਾਨ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : ਕਾਂਗਰਸੀ ਨੇਤਾ ਨੇ ਬਾਬਾ ਬਾਗੇਸ਼ਵਰ ਨੂੰ ਦਿੱਤਾ ਖੁੱਲ੍ਹਾ ਚੈਲੰਜ, ਕਿਹਾ- ਮੰਚ ਤੋਂ ਇਹ ਨਾਅਰਾ ਲਾ ਕੇ ਵਿਖਾਓ
ਕੇਂਦਰ ਸਰਕਾਰ ਚਾਹੁੰਦੀ ਸੀ ਕਿ ਸੂਬਾ ਸਰਕਾਰ ਉਸ ਦੇ ਪ੍ਰਸਤਾਵ ਨੂੰ ਲਿਖਤੀ ਸਹਿਮਤੀ ਦੇਵੇ ਪਰ ਸੂਬਾ ਸਰਕਾਰ ਨੇ ਇਨਕਾਰ ਕਰ ਦਿੱਤਾ, ਕਿਉਂਕਿ ਸੂਬਾ ਸਰਕਾਰ ਮੌਜੂਦਾ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਦੀ ਤਜਵੀਜ਼ ਨੂੰ ਸਵੀਕਾਰ ਨਹੀਂ ਕਰਨਾ ਚਾਹੁੰਦੀ ਕਿਉਂਕਿ ਇਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 9 ਮਈ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਭੇਜ ਕੇ ਕਿਹਾ ਕਿ ਇਸ ਤਰ੍ਹਾਂ ਫੰਡਾਂ ਵਿੱਚ ਕਟੌਤੀ ਨਾਲ ਸੂਬੇ ਦੇ ਪੇਂਡੂ ਵਿਕਾਸ ਦੇ ਬੁਨਿਆਦੀ ਢਾਂਚੇ ਅਤੇ ਆਰਥਿਕਤਾ ‘ਤੇ ਮਾੜਾ ਪ੍ਰਭਾਵ ਪਵੇਗਾ। ਇਸ ਤੋਂ ਇਲਾਵਾ ਮੰਡੀ ਬੋਰਡ, ਪੇਂਡੂ ਵਿਕਾਸ ਬੋਰਡ ਵੱਲੋਂ ਪੇਂਡੂ ਵਿਕਾਸ ਲਈ ਲਏ ਗਏ ਕਰਜ਼ਿਆਂ ਦੀ ਅਦਾਇਗੀ ਵਿੱਚ ਵੀ ਦਿੱਕਤ ਆਵੇਗੀ।
ਵੀਡੀਓ ਲਈ ਕਲਿੱਕ ਕਰੋ -: