ਮੋਹਾਲੀ ‘ਚ ਪੁਲਿਸ ਖੁਫੀਆ ਵਿਭਾਗ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਸਰ ‘ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਹਮਲੇ ਨੂੰ ਦੇਖਦੇ ਹੋਏ ਸ਼ਹਿਰ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਕਿਹਾ ਕਿ ‘ਮੋਹਾਲੀ ‘ਚ ਹੋਏ ਧਮਾਕੇ ਤੋਂ ਬਾਅਦ ਅੰਮ੍ਰਿਤਸਰ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।’ ਉਨ੍ਹਾਂ ਕਿਹਾ ਕਿ ਸ਼ਹਿਰ ਭਰ ਵਿੱਚ ਅਹਿਮ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਇਸ ਦੇ ਨਾਲ ਹੀ ਮੋਹਾਲੀ ਹਮਲੇ ਸਬੰਧੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵੀਕੇ ਭਾਵਰਾ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਇੱਕ ਵਿਸਫੋਟਕ ਪੁਲਿਸ ਖੁਫੀਆ ਯੂਨਿਟ ਦੇ ਹੈੱਡਕੁਆਰਟਰ ਦੀ ਇਮਾਰਤ ਨਾਲ ਟਕਰਾ ਗਿਆ ਸੀ ਅਤੇ ਲੱਗਦਾ ਸੀ ਕਿ ਟੀਐਨਟੀ (ਟ੍ਰਾਈਨਾਈਟ੍ਰੋਟੋਲਿਊਇਨ) ਦੀ ਵਰਤੋਂ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਡੀਜੀਪੀ ਨੇ ਕਿਹਾ ਕਿ ਜਦੋਂ ਇਹ ਘਟਨਾ ਵਾਪਰੀ ਇਮਾਰਤ ਦੇ ਉਸ ਕਮਰੇ ਵਿੱਚ ਕੋਈ ਨਹੀਂ ਸੀ। ਧਮਾਕੇ ਦਾ ਅਸਰ ਕੰਧ ‘ਤੇ ਪਿਆ। ਉਨ੍ਹਾਂ ਕਿਹਾ ਕਿ ਕੱਲ੍ਹ ਦੀ ਘਟਨਾ ਦੇ ਮੱਦੇਨਜ਼ਰ ਖੁਫਿਆ ਅਧਿਕਾਰੀਆਂ ਤੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੀਟਿੰਗ ਕੀਤੀ ਗਈ।