ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਲ ਕਿਲ੍ਹਾ ਹਿੰਸਾ ਪੀੜਤਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੁੱਦੇ ‘ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਚੰਨੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮਦਦ ਇਹ ਸਾਬਤ ਕਰਦੀ ਹੈ ਕਿ ਦਿੱਲੀ ਵਿਚ ਹਿੰਸਾ ਤੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਕਾਂਗਰਸ ਦੀ ਹੀ ਸਾਜ਼ਿਸ਼ ਸੀ।
ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਵਿੱਤੀ ਮਦਦ ਦਿੱਤੇ ਜਾਣਾ ਸਰਾਸਰ ਗਲਤ ਹੈ। 26 ਜਨਵਰੀ ਮੌਕੇ ਦਿੱਲੀ ਵਿਚ ਹੋਈ ਹਿੰਸਾ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਸੀ ਤੇ ਹੁਣ ਕਾਂਗਰਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਹਿੰਸਾ ਕਾਂਗਰਸ ਵੱਲੋਂ ਹੀ ਸਪਾਂਸਰਡ ਸੀ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੂੰ ਪੰਜਾਬ ਦੀ ਜਨਤਾ ਦੇ ਟੈਕਸ ਦੇ ਪੈਸੇ ਦੇਸ਼ ਵਿਰੋਧੀਆਂ ਨੂੰ ਦੇਣ ਦਾ ਕੋਈ ਹੱਕ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉਨ੍ਹਾਂ ਕਿਹਾ ਕਿ ਜੇਕਰ ਚੰਨੀ ਸਾਬ੍ਹ ਮੁਆਵਜ਼ਾ ਦੇਣਾ ਚਾਹੁੰਦੇ ਹਨ ਤਾਂ ਆਪਣੀ ਜੇਬ ਵਿਚੋਂ ਦੇਣ ਤੇ ਨਾਲ ਹੀ ਸਪੱਸ਼ਟ ਕਰਨ ਕਿ ਉਹ ਦੇਸ਼ ਦੇ ਨਾਲ ਖੜ੍ਹੇ ਹਨ ਜਾਂ ਫਿਰ ਦੇਸ਼ ਦੇ ਵਿਰੋਧੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਐੱਨ. ਆਈ. ਏ. ਤੋਂ ਜਾਂਚ ਹੋਣੀ ਚਾਹੀਦੀ ਹੈ।