ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਬਾਰੇ ਜਲਦੀ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ 2 ਮਈ ਦੇ ਹੁਕਮਾਂ ਮੁਤਾਬਕ ਫੈਸਲਾ ਲੈਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਸਮਾਂ ਵੀ ਹੁਣ ਖਤਮ ਹੋ ਗਿਆ ਹੈ।
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੀਰਵਾਰ ਤੱਕ ਹਲਫਨਾਮਾ ਦਾਇਰ ਕਰਕੇ ਕੀਤੇ ਗਏ ਯਤਨਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੇ ਐਸਪੀਓ ਦਿਲਾਵਰ ਸਿੰਘ ਨਾਲ ਮਿਲ ਕੇ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿੱਚ ਮਾਰਨ ਦੀ ਗੱਲ ਮੰਨੀ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਵਜੋਂ ਹਮਲਾ ਕੀਤਾ ਸੀ ਅਤੇ ਉਸ ਦੇ ਪਿੱਛੇ ਰਾਜੋਆਣਾ ਸੀ। ਜੇ ਦਿਲਾਵਰ ਅਸਫਲ ਹੁੰਦਾ ਤਾਂ ਰਾਜੋਆਣਾ ਨੇ ਇਹ ਹਮਲਾ ਕਰਨਾ ਸੀ।
ਇਸ ਮਾਮਲੇ ਦੀ ਸੁਣਵਾਈ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। 1 ਅਗਸਤ 2007 ਨੂੰ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਮਨ੍ਹਾ ਕਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਨੂੰ ਸਿਖਰਲੀ ਅਦਾਲਤ ਵਿੱਚ ਲੈ ਕੇ ਗਈ ਅਤੇ ਪੈਰਵੀ ਵੀ ਕੀਤੀ। ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਫਾਂਸੀ ਰੋਕਣ ਲਈ ਮੁਹਿੰਮ ਚਲਾਈ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਨੂੰ ਝਟਕਾ, ਸ਼ਹੀਦ ਭਗਤ ਸਿੰਘ ਏਅਰਪੋਰਟ ਦੇ ਨਾਂ ‘ਚ ਪੰਚਕੂਲਾ-ਮੋਹਾਲੀ ਦਾ ਜ਼ਿਕਰ ਹੀ ਨਹੀਂ
ਰਾਜੋਆਣਾ ਦੀ ਫਾਂਸੀ ਨੂੰ ਰੋਕਣ ਲਈ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਜਿਸ ਤੋਂ ਬਾਅਦ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਨੂੰ ਸਿਫਾਰਿਸ਼ ਕਰਕੇ 28 ਮਾਰਚ 2012 ਤੋਂ ਰਾਜੋਆਣਾ ਦੀ ਫਾਂਸੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਸੀ। ਹੁਣ ਕੇਂਦਰ ਸਰਕਾਰ ਨੇ ਇਸ ਬਾਰੇ ਫੈਸਲਾ ਲੈਣਾ ਸੀ।
ਵੀਡੀਓ ਲਈ ਕਲਿੱਕ ਕਰੋ -: