ਕਪੂਰਥਲਾ :ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਅੱਜ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਕੰਮ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ, ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ, ਵਿਧਾਇਕ ਭੁਲੱਥ ਸੁਖਪਾਲ ਸਿੰਘ ਖਹਿਰਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਦੇ ਵਿਧਾਇਕਾਂ ਦੇ ਨੁਮਾਇੰਦਿਆਂ ਨਾਲ ‘ਦਿਸ਼ਾ’ ਕਮੇਟੀ ਦੇ ਬਤੌਰ ਚੇਅਰਮੈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਭਲਾਈ ਸਕੀਮਾਂ ਦਾ ਯੋਗ ਲਾਭਪਾਤਰੀਆਂ ਤੱਕ ਲਾਭ ਜ਼ਰੂਰ ਪਹੁੰਚਣਾ ਚਾਹੀਦਾ ਹੈ।
ਕਪੂਰਥਲਾ ਵਿਖੇ ਬਣਨ ਵਾਲੇ ਪ੍ਰਸਤਾਵਿਤ ਮੈਡੀਕਲ ਕਾਲਜ ਦਾ ਜਾਇਜ਼ਾ ਲੈਂਦਿਆਂ ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਾਜੈਕਟ ਦੇ ਕੰਮ ਨੂੰ ਤੇਜ਼ ਕੀਤਾ ਜਾਵੇ। ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਅਧਿਕਾਰੀਆਂ ਜਿਨ੍ਹਾਂ ਨੂੰ ਇਸ ਪ੍ਰਾਜੈਕਟ ਲਈ ਨੋਡਲ ਅਫ਼ਸਰ ਲਗਾਇਆ ਗਿਆ, ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਡਿਜਾਇਨ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਕੇਂਦਰੀ ਰਾਜ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ 50 ਕਰੋੜ ਰੁਪਏ ਇਸ ਮੈਡੀਕਲ ਕਾਲਜ ਲਈ ਮੁਹੱਈਆ ਕਰਵਾਏ ਗਏ ਹਨ ਅਤੇ ਮੈਡੀਕਲ ਕੌਂਸਲ ਵਲੋਂ ਇਸ ਕਾਲਜ ਲਈ ਸਾਲ 2023-24 ਲਈ ਦਾਖਲੇ ਦੀ ਪ੍ਰਵਾਨਗੀ ਵੀ ਦਿੱਤੀ ਜਾ ਚੁੱਕੀ ਹੈ।
ਇਸ ਮੌਕੇ ਕੇਂਦਰੀ ਮੰਤਰੀ ਵਲੋਂ ਨੈਸ਼ਨਲ ਹੈਲਥ ਮਿਸ਼ਨ, ਜਲ ਜੀਵਨ ਮਿਸ਼ਨ, ਹਰ ਘਰ ਨੂੰ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਦੇਣ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਬਣਾਈਆਂ ਜਾਣ ਵਾਲੀਆਂ ਸੜਕਾਂ, ਰਾਸ਼ਟਰੀ ਪਰਿਵਾਰ ਲਾਭ ਸਕੀਮ, ਲੜਕੀਆਂ ਦੀ ਸੁਰੱਖਿਆ ਅਤੇ ਸਿੱਖਿਆ ਲਈ ਬੇਟੀ ਬਚਾਓ-ਬੇਟੀ ਪੜਾਓ ਸਕੀਮ, ਮਗਨਰੇਗਾ ਅਤੇ ਪ੍ਰਧਾਨ ਮੰਤਰੀ ਕ੍ਰਿਸੀ ਸਿੰਚਾਈ ਯੋਜਨਾ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਕੇਂਦਰੀ ਰਾਜ ਮੰਤਰੀ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਨਵੇਂ ਵਿਕਾਸ ਪ੍ਰਾਜੈਕਟਾਂ ਦੀਆਂ ਤਜਵੀਜ਼ਾਂ ਵੀ ਬਣਾਈਆਂ ਜਾਣ। ਕੇਂਦਰੀ ਰਾਜ ਮੰਤਰੀ ਵਲੋਂ ਸੁਲਤਾਨਪਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਤੋਂ ਇਲਾਵਾ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਲਈ ਹੋਰ ਜ਼ਿਆਦਾ ਫੰਡ ਪ੍ਰਾਪਤ ਕੀਤੇ ਜਾ ਸਕਣ। ਇਥੇ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ 7 ਵਿਕਾਸ ਪ੍ਰਾਜੈਕਟਾਂ ਵਿਚੋਂ ਤਿੰਨ ਪ੍ਰਾਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ। ਇਸ ਤੋਂ ਇਲਾਵਾ ਉਨਾਂ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਵੀ ਜਾਇਜ਼ਾ ਲਿਆ ਗਿਆ ਜਿਸ ਤਹਿਤ 19000 ਦੇ ਕਿਸਾਨਾਂ ਵਲੋਂ ਲਾਭ ਉਠਾਇਆ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦੁਆਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਕਰਦਿਆਂ ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 15 ਦਿਨਾਂ ਦੇ ਵਿੱਚ ਵਿੱਚ ਵਰਤੋਂ ਸਰਟੀਫਿਕੇਟ ਭੇਜਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਲਈ ਹੋਰ ਫੰਡ ਪ੍ਰਾਪਤ ਕੀਤੇ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪਮ ਕਲੇਰ, ਉਪ ਮੰਡਲ ਮੈਜਿਸਟਰੇਟ ਹਰਦੀਪ ਸਿੰਘ, ਵਿਧਾਇਕਾਂ ਦੇ ਨੁਮਾਇੰਦੇ ਅਤੇ ਦਿਸ਼ਾ ਕਮੇਟੀ ਦੇ ਗੈਰ ਸਰਕਾਰੀ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।