ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਮਿਲੀ ਜ਼ਬਰਦਸਤ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਹਰਪਾਲ ਚੀਮਾ, ਕੁਲਦੀਪ ਧਾਲੀਵਾਲ, ਹਰਜੋਤ ਬੈਂਸ, ਬ੍ਰਹਮ ਸ਼ੰਕਰ ਜਿਮਪਾ ਆਦਿ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਅਤੇ ਸਮੂਹ ਸਮਰਥਕਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਮੈਂ ਸਾਰਿਆਂ ਨਾਲ ਮਿਲ ਕੇ ਨਿਭਾਵਾਂਗਾ। ਮੈਂ ਜਲੰਧਰ ਅਤੇ ਪੰਜਾਬ ਦੇ ਮਸਲਿਆਂ ਨੂੰ ਅੱਗੇ ਲੈ ਕੇ ਜਾਵਾਂਗਾ ਅਤੇ ਕੇਂਦਰ ਸਰਕਾਰ ਦੇ ਜਿਹੜੇ ਪ੍ਰਾਜੈਕਟ ਪੰਜਾਬ ਵਿੱਚ ਬੰਦ ਪਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਉਨ੍ਹਾਂ ਟਵੀਟ ਕਰਕੇ ਕਿਹਾ ਸੀ ਕਿ ਮੈਂ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜੋ ਪੂਰੀ ਤਨਦੇਹੀ ਨਾਲ ਦਿਨ-ਰਾਤ ਕੰਮ ਕਰਦੇ ਰਹੇ, ਇਹ ਜਿੱਤ ਤੁਹਾਡੇ ਸਭ ਦੇ ਨਾਂ। ਮੈਂ ਤਹਾਡੇ ਸਭ ਨਾਲ ਵਾਅਦਾ ਕਰਦਾ ਹਾਂ ਕਿ ਹੁਣ ਜਲੰਧਰ ਤੇ ਪੰਜਾਬ ਦੀ ਅਵਾਜ਼ ਦੀ ਤਜਰਮਾਨੀ ਲੋਕ ਸਭਾ ਵਿੱਚ ਤੁਹਾਡੇ ਮੁਤਾਬਕ ਕਰਾਂਗਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਤਾਂ ਵਿਰੋਧੀਆਂ ਨੇ ਕਈ ਦੋਸ਼ ਲਾਏ ਅਤੇ ਘਟੀਆ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਭ ਦੇ ਬਾਵਜੂਦ ਜਲੰਧਰ ਵਾਸੀਆਂ ਨੇ ਆਪਣੇ ਪਿਆਰ ਤੇ ਸਤਿਕਾਰ ਦਾ ਸਬੂਤ ਦਿੱਤਾ।
ਇਹ ਵੀ ਪੜ੍ਹੋ : ਜਲੰਧਰ ਜਿੱਤ ‘ਤੇ ਰਾਘਵ ਚੱਢਾ ਨੇ ਪ੍ਰਗਟਾਈ ਦੋਹਰੀ ਖੁਸ਼ੀ, ਅਸ਼ੀਰਵਾਦ ਦੇਣ CM ਮਾਨ ਵੀ ਪਹੁੰਚਣਗੇ ਮੰਗਣੀ ‘ਚ
ਉਨ੍ਹਾਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਪ੍ਰਵਾਨ ਕੀਤਾ ਹੈ। ਪੰਜਾਬ ਦੇ ਸੀ.ਐਮ. ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਦੇਸ਼ ਨੂੰ ਨੰਬਰ ਵਨ ਬਣਾਉਣ ਵਿੱਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਕਿਹਾ ਕਿ ਉਹ ਆਪਣੇ ਸਾਰੇ ਸਾਥੀਆਂ ਅਤੇ ਵਰਕਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਚੋਣਾਂ ਵਿੱਚ ਇੰਨੀ ਮਿਹਨਤ ਕੀਤੀ।
ਵੀਡੀਓ ਲਈ ਕਲਿੱਕ ਕਰੋ -: