ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਿਸ਼ਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕਰਨ ਦਾ ਮਾਮਲਾ ਭਖ ਗਿਆ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਨੇ ਰਿਸ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਸ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ। ਵਿਜੀਲੈਂਸ ਦੇ SSP ਹਰਪਾਲ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਕਈ ਖੁਲਾਸੇ ਹੋ ਸਕਦੇ ਹਨ।
ਵੀਰਵਾਰ ਸ਼ਾਮ ਨੂੰ ਵਿਜੀਲੈਂਸ ਦੀ ਟੀਮ ਨੇ ਬਠਿੰਡਾ ਸਰਕਟ ਹਾਊਸ ਦੇ ਗੇਟ ਤੋਂ ਰਿਸ਼ਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਰਿਸ਼ਮ ਦੀ ਗ੍ਰਿਫ਼ਤਾਰੀ ਸਮੇਂ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਵੀ ਸਰਕਟ ਹਾਊਸ ਦੇ ਅੰਦਰ ਵੀਆਈਪੀ ਕਮਰੇ ਵਿੱਚ ਮੌਜੂਦ ਸਨ। ਵਿਜੀਲੈਂਸ ਨੇ ਦੋਸ਼ੀ ਅਤੇ ‘ਆਪ’ ਵਿਧਾਇਕ ਤੋਂ ਕਈ ਘੰਟੇ ਪੁੱਛਗਿੱਛ ਕੀਤੀ।
ਸ਼ਿਕਾਇਤਕਰਤਾ ਪ੍ਰਿਤਪਾਲ ਕੁਮਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਸ ਦੀ ਪਤਨੀ ਸੀਮਾ ਰਾਣੀ ਪਿੰਡ ਘੁੱਦਾ ਦੀ ਸਰਪੰਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਨੇ ਪਿੰਡ ਘੁੱਦਾ ਦੇ ਵਿਕਾਸ ਲਈ ਜਾਰੀ ਸਰਕਾਰੀ ਗਰਾਂਟ ਨੂੰ ਦਿਵਾਉਣ ਲਈ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਕਸ਼ਨ, ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ 4 ਅਧਿਕਾਰੀ ਬਰਖਾਸਤ
ਉਸ ਨੇ ਕਿਹਾ ਕਿ ਵਿਧਾਇਕ ਦੇ ਕਹਿਣ ‘ਤੇ ਉਸ ਨੇ ਪਹਿਲਾਂ ਰਿਸ਼ਮ ਗਰਗ ਨੂੰ ਇਕ ਲੱਖ ਰੁਪਏ ਦੀ ਕਿਸ਼ਤ ਦਿੱਤੀ। ਇਸ ਤੋਂ ਬਾਅਦ ਕੁਝ ਗਰਾਂਟਾਂ ਜਾਰੀ ਕੀਤੀਆਂ ਗਈਆਂ। ਉਸ ਨੇ ਦੱਸਿਆ ਕਿ ਵਿਧਾਇਕ ਰਤਨ ਦੇ ਕਹਿਣ ‘ਤੇ ਹੀ ਰਿਸ਼ਮ ਉਸ ਤੋਂ ਬਾਕੀ ਚਾਰ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਨੇ ਦੱਸਿਆ ਕਿ ਜਦੋਂ ਰਿਸ਼ਮ ਨੇ ਉਸ ’ਤੇ ਹੋਰ ਦਬਾਅ ਪਾਉਣਾ ਸ਼ੁਰੂ ਕੀਤਾ ਤਾਂ ਉਸ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦੇ ਕੇ ਵਿਧਾਇਕ ਅਮਿਤ ਰਤਨ ਅਤੇ ਰਿਸ਼ਮ ਗਰਗ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਉਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਰਿਸ਼ਮ ਗਰਗ ਨੇ ਉਸ ਨੂੰ ਸਰਕਟ ਹਾਊਸ ਬੁਲਾ ਕੇ 4 ਲੱਖ ਰੁਪਏ ਲੈ ਲਏ। ਵਿਜੀਲੈਂਸ ਟੀਮ ਨੇ ਮੁਲਜ਼ਮ ਰਿਸ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਦੋਸ਼ੀ ਰਿਸ਼ਮ ਨੂੰ ਵਿਜੀਲੈਂਸ ਟੀਮ ਵੱਲੋਂ ਸ਼ੁੱਕਰਵਾਰ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਮੁਲਜ਼ਮਾਂ ਨੂੰ 20 ਫਰਵਰੀ ਤੱਕ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਦੇ ਐਸਐਸਪੀ ਹਰਪਾਲ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਸ ਦਾ ਖੁਲਾਸਾ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: