SAD (Democrtic) hands: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ, ਮੋਹਾਲੀ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਲੋੜੇ ਵਾਧੇ ਵਿਰੁੱਧ ਇੱਕ ਮੰਗ ਪੱਤਰ ਸੌਂਪਿਆ। ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਰਾਜੀਵ ਗੁਪਤਾ ਨੇ ਮੰਗ ਪੱਤਰ ਸਵੀਕਾਰ ਕੀਤਾ ਜੋ ਜ਼ਿਲ੍ਹਾ ਕੋਆਰਡੀਨੇਟਰ ਡਾ: ਮੇਜਰ ਸਿੰਘ ਦੀ ਅਗਵਾਈ ਹੇਠ ਸੌਂਪਿਆ ਗਿਆ ਸੀ।
ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਆਈ.ਏ.ਐੱਸ., ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਨਾਲ ਮੁਹਾਲੀ ਵਿੱਚ ਫਿਊਲ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਇੱਕ ਪ੍ਰਤੀਕ ਕਾਰਟ ਪ੍ਰਦਰਸ਼ਨ ਵੀ ਕੀਤਾ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਸਾਂਝੇ ਕਰਦਿਆਂ ਸਿੱਧੂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰ ਰਹੇ ਹਨ ਜਿਸ ਦੇ ਚੱਲਦਿਆਂ ਦੇਸ਼ ਦਾ ਆਮ ਆਦਮੀ ਦੱਬੇ ਹੋਏ ਹਨ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਟੈਕਸ ਲਗਾਉਣ ਅਤੇ ਪੰਜਾਬ ਸਰਕਾਰ ਵੱਲੋਂ ਵੈਟ ਲਗਾਉਣ ਨਾਲ ਇਹ ਕੀਮਤਾਂ ਹੁਣ ਅਸਮਾਨੀ ਬਣ ਗਈਆਂ ਹਨ। “ਘਰੇਲੂ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੇ ਗਰੀਬ ਅਤੇ ਮੱਧ ਵਰਗੀ ਘਰਾਂ ਦੀ ਆਰਥਿਕ ਸਥਿਤੀ ਨੂੰ ਅਸਥਿਰ ਕਰ ਦਿੱਤਾ ਹੈ। ਅਜਿਹੇ ਹਾਲਾਤ ਵਿਚ, ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇਨ੍ਹਾਂ ਕੀਮਤਾਂ ਵਿਚ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਾ ਹੈ। ਪਾਰਟੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਤਿੱਖਾ ਸੰਘਰਸ਼ ਵਿੱਢੇਗੀ। ਇਸ ਮੌਕੇ ਰਜਿੰਦਰ ਸਿੰਘ ਸੇਠੀ, ਅਰਜਨ ਸਿੰਘ ਸ਼ੇਰਗਿੱਲ, ਬਲਜੀਤ ਸਿੰਘ ਜਗਤਪੁਰਾ, ਵਿਛੀਤਾਰ ਸਿੰਘ, ਸਤਬੀਰ ਸਿੰਘ ਅਤੇ ਅਮਨਪ੍ਰੀਤ ਸਿੰਘ, ਹਰਚਰਨ ਸਿੰਘ, ਸਤਿੰਦਰ ਸਿੰਘ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।