ਬਰਗਾੜੀ ਬੇਅਦਬੀ ਕਾਂਡ ਨੂੰ ਲੈ ਕੇ ਐੱਸ.ਆਈ.ਟੀ. ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਿਪੋਰਟ ਸੌਂਪ ਦਿੱਤੀ, ਜਿਸ ਵਿੱਚ ਗੁਰਮੀਤ ਰਾਮ ਰਹੀਮ ਨੂੰ ਇਸ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਰਿਪੋਰਟ ਦੇ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਰਿਪੋਰਟ ਨੇ ਅਕਾਲੀ ਦਲ ਦੀ ਸਰਕਾਰ ਤੇ ਇਸ ਦੇ ਆਗੂਆਂ ਦੀ ਬੇਗੁਨਾਹੀ ਨੂੰ ਸਾਬਤ ਕਰ ਦਿੱਤਾ ਹੈ।
ਅਕਾਲੀ ਦਲ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਖਰਾਬ ਕਰਨ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਬੇਬੁਨਿਆਦ ਦੋਸ਼ ਮੜ੍ਹਣ ਲਈ ਕੋਝੀਆਂ ਸਾਜ਼ਿਸ਼ਾਂ, ਚਿੱਟੇ ਝੂਠ, ਚਾਲਬਾਜ਼ੀਆਂ ਭਰੇ ਪ੍ਰਚਾਰ ਤੰਤਰ ਸਣੇ ਸਰਕਾਰੀ ਮਸ਼ੀਨਰੀ ਦੀ ਖੁੱਲ੍ਹੀ ਦੁਰਵਰਤੋਂ ਕਰਦੇ ਹੋਏ ਦਿਨ-ਰਾਤ ਜੁਟੇ ਰਹੇ ਪਰ ਝੂਠ ਤੇ ਬਦਨੀਤੀ ਨਸ਼ਰ ਹੋਈ ਅਤੇ ਜਿੱਤ ਸਿਰਫ਼ ਸੱਚ ਦੀ ਹੋਈ।
ਦੱਸ ਦੇਈਏ ਕਿ ਅਕਤੂਬਰ 2015 ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਇਸ ਤੋਂ ਬਾਅਦ 14 ਅਕਤੂਬਰ 2015 ਨੂੰ ਬਰਗਾੜੀ ਦੇ ਨਾਲ ਲੱਗਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਨੂੰ ਲੈ ਕੇ ਸਿੱਖ ਸੰਗਤ ਦੇ ਧਰਨੇ ਨੂੰ ਉਠਾਉਣ ਲਈ ਪੁਲਿਸ ਨੇ ਸਿੱਧੀ ਗੋਲੀ ਚਲਾ ਦਿੱਤੀ। ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਦੁਸ਼ਮਣੀ ਕਰਕੇ ਅੰਜਾਮ ਦਿੱਤਾ ਗਿਆ ਹੈ।
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਬੇਅਦਬੀ ਦੇ ਤਿੰਨ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਅੰਤਿਮ ਰਿਪੋਰਟ ਵਿੱਚ ਸਾਰੀਆਂ ਘਟਨਾਵਾਂ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਰਿਪੋਰਟ ਵਿੱਚ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਮਾਮਲੇ ਵਿੱਚ ਗੁਰਮੀਤ ਸਿੰਘ ਤੋਂ ਇਲਾਵਾ ਫਰਾਰ ਡੇਰੇ ਦੇ ਤਿੰਨ ਪੈਰੋਕਾਰ ਵੀ ਨਾਮਜ਼ਦ ਹਨ। ਇਹ ਰਿਪੋਰਟ ਸ਼ਨੀਵਾਰ ਨੂੰ ਜਨਤਕ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: