ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਇਹ ਵਿਸ਼ੇਸ਼ ਇਜਲਾਸ ਸਮਰਪਿਤ ਹੈ। ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਤੋਂ ਬਾਅਦ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਅਤੇ ਆਪ ਵਲੋਂ ਇਜਲਾਸ ਦਾ ਸਮਾਂ ਵਧਾਉਣ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਸਪੀਕਰ ਕੇ. ਪੀ. ਰਾਣਾ ਨੂੰ 400 ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰੀ ਪੱਧਰ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਨਦਾਰ ਕੁਰਬਾਨੀ ਦੀ ਯਾਦ ਦਿਵਾਉਣ ਦੀ ਜ਼ਰੂਰਤ ਨੂੰ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਗੁਰੂ ਜੀ ਦੀ ਯਾਦ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਜਾਵੇ। ਇਸ ਨੂੰ ਧਾਰਮਿਕ ਸਹਿਣਸ਼ੀਲਤਾ ਦਿਵਸ ਵਜੋਂ ਨਾਂ ਦਿੱਤਾ ਜਾ ਸਕਦਾ ਹੈ। ਇਹ ਕਦਮ ਨਾ ਸਿਰਫ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀ ਸਰਵਉੱਚ ਕੁਰਬਾਨੀ ਦੇ ਪ੍ਰਤੀ ਉਤਸ਼ਾਹਿਤ ਕਰੇਗਾ ਬਲਕਿ ਦੇਸ਼ ਦੇ ਸਾਰੇ ਧਾਰਮਿਕ ਅਤੇ ਸੰਪਰਦਾਵਾਂ ਲਈ ਧਾਰਮਿਕ ਸਹਿਣਸ਼ੀਲਤਾ ਅਤੇ ਸਤਿਕਾਰ ਦਾ ਸੰਦੇਸ਼ ਵੀ ਫੈਲਾਏਗਾ। ਇਸ ਮਤੇ ਵਿੱਚ ਗੁਰੂ ਜੀ ਦੇ ਸਨਮਾਨ ਵਿੱਚ ਇੱਕ ਪ੍ਰਸ਼ੰਸਾ ਪੱਤਰ ਜਾਰੀ ਕਰਨ ਲਈ ਵੀ ਕਿਹਾ ਗਿਆ ਹੈ, ਜਿਨ੍ਹਾਂ ਨੇ ਕਸ਼ਮੀਰ ਦੇ ਹਿੰਦੂਆਂ ਦੀ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਪੰਜਾਬ ਸਰਕਾਰ ਨੂੰ ਤਕਨੀਕੀ ਸੰਸਥਾਵਾਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀ ਲਈ ਗੁਰੂ ਜੀ ਦੇ ਨਾਮ ‘ਤੇ ਵੱਖਰੇ ਤੌਰ ਤੇ ਸਕਾਲਰਸ਼ਿਪ ਪ੍ਰਦਾਨ ਕਰਨ ਦੀ ਵਿਵਸਥਾ ਕਰਨੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ 973 ਕਰੋੜ ਰੁਪਏ ਦੇ ਫੰਡ ਵਿਚੋਂ ਸਕਾਲਰਸ਼ਿਪ ਦੀ ਵਿਵਸਥਾ ਕਰਨ ਦੀ ਵੀ ਮੰਗ ਕੀਤੀ ਹੈ।
ਵਿਸ਼ਵ ਭਰ ਵਿੱਚ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਦੀ ਯਾਦ ਵਿੱਚ ਵੀ ਯਤਨ ਕੀਤੇ ਜਾਣੇ ਚਾਹੀਦੇ ਹਨ। ਪੰਜਾਬ ਵਿਧਾਨ ਸਭਾ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 24 ਨਵੰਬਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਸਿਫਾਰਸ਼ ਕਰਨੀ ਚਾਹੀਦੀ ਹੈ। ਗੁਰੂ ਜੀ ਦੀ ਯਾਦ ਵਿੱਚ ਇੱਕ ਚੇਅਰ ਪੰਜਾਬ ਦੀ ਇੱਕ ਯੂਨੀਵਰਸਿਟੀ ਵਿੱਚ ਸਥਾਪਿਤ ਕੀਤੀ ਜਾਣੀ ਚਾਹੀਦੀ ਹੈ ਅਤੇ ਕੇਂਦਰ ਨੂੰ ਇੱਕ ਪ੍ਰਮੁੱਖ ਵਿਦੇਸ਼ੀ ਯੂਨੀਵਰਸਿਟੀ ਵਿੱਚ ਅਜਿਹਾ ਕਰਨ ਦੀ ਬੇਨਤੀ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਹੋਈ ਸ਼ੁਰੂ, ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ ਤੇ ਕਿਸਾਨੀ ਅੰਦੋਲਨ ‘ਚ ਜਾਨ ਗੁਆਉਣ ਵਾਲਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ