ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ ‘ਤੇ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਦੇ ਨਾਲ ਪਾਰਟੀ ਵਰਕਰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਰੋਸ ਮਾਰਚ ਕਰਨਗੇ।
ਇਸ ਸਬੰਧੀ ਫੈਸਲਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ, ਵਿਧਾਇਕਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਵਿੱਚ ਲਿਆ ਗਿਆ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਦੇ ਪ੍ਰਸਿੱਧ ਆਗੂਆਂ ਦੇ ਨਾਲ ਇਸ ਰੋਸ ਮਾਰਚ ਵਿੱਚ ਹਿੱਸਾ ਲੈਣਗੇ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਵਿੱਚ ਪੂਰੇ ਦਿਲ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਅਰਦਾਸ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਰਾਜਨੀਤਿਕ ਪਾਰਟੀ ਹੈ, ਜਿਸਨੇ ਕਿਸਾਨਾਂ ਦੇ ਹਿੱਤਾਂ ਲਈ ਮੰਤਰੀ ਅਤੇ ਗੱਠਜੋੜ ਦੀ ਬਲੀ ਦਿੱਤੀ ਸੀ ਜਦੋਂ ਕਿ ਦੂਜਿਆਂ ਨੇ ਸਿਰਫ ਆਪਣੀਆਂ ਜੇਬਾਂ ਵਿੱਚ ਅਸਤੀਫੇ ਹੋਣ ਦਾ ਦਾਅਵਾ ਕੀਤਾ ਸੀ, ਜੋ ਕਦੇ ਪੇਸ਼ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹੱਕ ਵਿੱਚ ਚਟਾਨ ਵਾਂਗ ਖੜ੍ਹਾ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।
ਇਹ ਵੀ ਪੜ੍ਹੋ : ਪੁਲਿਸ ਭਰਤੀ ਪ੍ਰੀਖਿਆ ‘ਚ ਧੋਖਾਧੜੀ ਕਰਵਾਉਣ ਵਾਲੇ 6 ਕਾਬੂ , ਕੈਪਟਨ ਨੇ Exam ‘ਚ ਸਖਤ ਪ੍ਰਬੰਧ ਕਰਨ ਦੀਆਂ ਦਿੱਤੀਆਂ ਹਿਦਾਇਤਾਂ