ਪੰਜਾਬ ਦੀਆਂ ਆਉਂਦੀਆਂ ਚੋਣਾਂ ਵਿਚ ਸੰਤ ਸਮਾਜ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀ ਬੇਹਤਰੀ ਲਈ ਸਾਰੇ ਸਿੱਖਾਂ ਤੇ ਪੰਜਾਬੀਆਂ ਨੂੰ ਗਠਜੋੜ ਦੀ ਡਟਵੀਂ ਹਮਾਇਤ ਦੀ ਅਪੀਲ ਕੀਤੀ ਗਈ। ਸੰਤ ਸਮਾਜ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਇਕੱਠ ਕੀਤਾ ਗਿਆ ਜਿਸ ਵਿਚ 300 ਤੋਂ ਵੱਧ ਧਾਰਮਿਕ ਤੇ ਪੰਥਕ ਸ਼ਖਸੀਅਤਾਂ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਵੱਲੋਂ ਕੀਤੀ ਗਈ। ਮੀਟਿੰਗ ਵਿਚ ਉਦਾਸੀਨ, ਨਿਰਮਲੇ, ਕਾਰ ਸੇਵਾ ਵਾਲੇ ਤੇ ਨਿਹੰਗ ਸਿੰਘਾਂ ਸਮੇਤ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੇ ਹਿੱਸਾ ਲਿਆ। ਇਹ ਫੈਸਲਾ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਵੱਡੇ ਵੱਡੇ ਮੋਰਚੇ ਲਗਾ ਕੇ ਦਿੱਤੀਆਂ ਕੁਰਬਾਨੀਆਂ ਨੁੰ ਵੇਖਦਿਆਂ ਲਿਆ ਗਿਆ ਹੈ।
ਧੁੰਮਾਂ ਨੇ ਦਾਅਵਾ ਕੀਤਾ ਕਿ ਸਿਰਫ਼ ਅਕਾਲੀ ਸਰਕਾਰ ਹੀ ਪੰਥ ਤੇ ਪੰਜਾਬ ਲਈ ਫਿਕਰਮੰਦ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੱਲੋਂ ਹੀ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਿਰਾਸਤੀ ਮਾਰਗ ਦਾ ਸੁੰਦਰੀਕਰਨ, ਜੂਨ 1984 ਦੇ ਸ਼ਹੀਦੀ ਘੱਲੂਘਾਰੇ ਦੀ ਯਾਦਗਾਰ, ਛੋਟੇ ਤੇ ਵੱਡੇ ਘੱਲੂਘਾਰੇ ਦੀ ਯਾਦਗਾਰ, ਵਿਰਾਸਤ ਏ ਖਾਲਸਾ, ਚਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਕੇ ਸਿੱਖ ਪੰਥ ਦੀ ਵਿਰਾਸਤ ਨੂੰ ਸੰਭਾਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਮਾਇਤ ਲਈ ਸੰਤ ਸਮਾਜ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਹਨਾਂ ਨੇ ਮੇਰੇ ਮੋਢਿਆਂ ’ਤੇ ਪਾਈ ਹੈ, ਉਹ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਮੈਨੂੰ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨੂੰ ਅੱਗੇ ਲਿਜਾਣ ਦਾ ਬੱਲ ਬਖਸ਼ੇ। ਉਨ੍ਹਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਥਕ ਤੇ ਪੰਜਾਬੀ ਵਿਰਸੇ ਤੇ ਕਦਰਾਂ ਕੀਮਤਾਂ ਨੁੰ ਬਾਹਰਲਿਆਂ ਦੇ ਹਮਲੇ ਤੋਂ ਬਚਾਉਣ ਲਈ ਕੰਮ ਕਰਦੀ ਰਹੇਗੀ ਅਤੇ ਸ਼ਾਂਤੀ ਤੇ ਖੁਸ਼ਹਾਲੀ ਲਈ ਸਮੁੱਚੇ ਪੰਥ ਨੂੰ ਨਾਲ ਲੈਕੇ ਚੱਲੇਗੀ।