ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਸਹੀ ਕੀਮਤ ਨਹੀਂ ਮਿਲਦੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਹ ਆਤਮਹੱਤਿਆਵਾਂ ਕਰ ਰਹੇ ਹਨ। ਰਿਪੋਰਟ ਦਾ ਹਵਾਲਾ ਦਿੰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ, ਜਿਸ ਦਾ ਕਾਰਨ ਫਸਲਾਂ ਦੀ ਢੁਕਵੀਂ ਕੀਮਤ ਨਾ ਮਿਲਣਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ। ਉਨ੍ਹਾਂ ਨੇ ਸੰਸਦ ਵਿਚ ਕਰਜ਼ੇ ਵਿਚ ਡੁੱਬੇ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਅੱਜ ਤੱਕ ਸਾਰੇ ਦੇਸ਼ ਵਾਸੀਆਂ ਦਾ ਢਿੱਡ ਭਰਦੇ ਆ ਰਹੇ ਹਨ ਅੱਜ ਉਹ ਆਪ ਭੁੱਖੇ ਸੌਂ ਰਹੇ ਹਨ। ਇਹ ਬਹੁਤ ਦੁੱਖ ਵਾਲੀ ਗੱਲ ਹੈ ਕਿ ਅਜੇ ਤੱਕ ਕਿਸਾਨਾਂ ਨੂੰ ਹਰ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲ ਰਿਹਾ ਹੈ। ਸੰਤ ਸੀਚੇਵਾਲ ਨੇ 2021 ਵਿੱਚ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਜੋ ਮੰਗਾਂ ਮੰਨੀਆਂ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਖੇਤੀਯੋਗ ਰਕਬਾ ਸਿਰਫ 1.5 ਫੀਸਦੀ ਹੈ। ਦੇਸ਼ ਵਿੱਚ ਵਰਤੀਆਂ ਜਾਂਦੀਆਂ ਖਾਦਾਂ ਅਤੇ ਕੀਟਨਾਸ਼ਕ ਦਾ ਕੁੱਲ 9 ਫੀਸਦੀ ਹਿੱਸਾ ਸਿਰਫ਼ ਪੰਜਾਬ ਵਰਤ ਰਿਹਾ ਜਿਸ ਕਾਰਨ ਜਿਸ ਨਾਲ ਸਾਡੀ ਹਵਾ, ਪਾਣੀ ਅਤੇ ਧਰਤੀ ਪ੍ਰਦੂਸ਼ਿਤ ਹੋ ਰਹੀ ਹੈ। ਇਸ ਲਈ ਕੁਦਰਤੀ ਖੇਤੀ ਵੱਲ ਮੁੜਿਆ ਜਾਵੇ ਅਤੇ ਖੇਤੀ ਵਿਭਿੰਨਤਾ ਨੂੰ ਅਪਣਾਇਆ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਠੋਸ ਨੀਤੀ ਬਣਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਪੁੱਤ ਨੇ ਕੀਤਾ ਪਿਓ ਨੂੰ ਅਗਵਾ, ਦੂਜੇ ਪੁੱਤ ਦੇ ਨਾਂ ‘ਤੇ ਰਜਿਸਟਰੀ ਕਰਵਾਉਣ ਗਿਆ ਸੀ ਤਹਿਸੀਲ
ਉਨ੍ਹਾਂ ਕਿਸਾਨੀ ਨੂੰ ਕਰਜ਼ ਜਾਲ ’ਚੋਂ ਕੱਢਣ ਲਈ ਕਾਰਪੋਰੇਟਾਂ ਦੀ ਤਰਜ਼ ’ਤੇ ਕਿਸਾਨੀ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨਾ ਚਾਹੀਦਾ ਹੈ ਤੇ ਹੜ੍ਹ, ਸੋਕੇ ਜਾਂ ਹੋਰ ਕੁਦਰਤੀ ਆਫਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।