ਪੰਜਾਬ ਵਿੱਚ ਇੱਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮਾਮਲਾ ਸਾਹਮਣੇ ਆਇਆ ਹੈ, ਜਿਥੇ ਫਗਵਾੜਾ ਦੇ ਥਾਣਾ ਸਿਟੀ ਤੋਂ ਸਿਰਫ 300 ਮੀਟਰ ਦੀ ਦੂਰੀ ‘ਤੇ ਪੁਰਾਣੇ ਸਿਵਲ ਹਸਪਤਾਲ ਦੀ ਖੰਡਰ ਇਮਾਰਤ ਦੇ ਨੇੜੇ ਸਵੇਰੇ ਸਫ਼ਾਈ ਸੇਵਕਾਂ ਵੱਲੋਂ ਸ੍ਰੀ ਗੁਟਕਾ ਸਾਹਿਬ ਦੇ ਪਾਵਨ ਸਰੂਪ ਦੇ ਅੰਗ ਖਿਲਰੇ ਹੋਏ ਪਾਏ ਗਏ।
ਬੇਅਦਬੀ ਦੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਵੀ ਹੋਸ਼ ਉੱਡ ਗਏ ਅਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸੁਖਦੇਵ ਸਿੰਘ ਅਤੇ ਹੋਰ ਵੀ ਮੌਕੇ ‘ਤੇ ਪਹੁੰਚ ਗਏ।
ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਇਸ ਨੂੰ ਇੱਕ ਸਾਜ਼ਿਸ਼ ਕਰਾਰ ਦਿੰਦਿਆਂ ਇਸ ਦੀ ਨਿਖੇਧੀ ਕੀਤੀ। ਸਿੱਖ ਜਥੇਬੰਦੀਆਂ ਨੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਸ਼ਨੀਵਾਰ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਅਲਟੀਮੇਟਮ ਦਿੱਤਾ।
ਇਹ ਵੀ ਪੜ੍ਹੋ : ਬਾਬੇ ਨਾਨਕ ਦਾ ਵਿਆਹ ਪੁਰਬ, ਚੀਨ ਤੋਂ ਮੰਗਾਏ ਵੰਨ-ਸੁਵੰਨੇ ਫੁੱਲਾਂ ਨਾਲ ਸਜਾਇਆ ਗਿਆ ਗੁ. ਸ੍ਰੀ ਬੇਰ ਸਾਹਿਬ (ਤਸਵੀਰਾਂ)
ਦੱਸ ਦੇਈਏ ਕਿ ਪਹਿਲਾਂ ਵੀ ਪੰਜਾਬ ਵਿੱਚ ਕਈ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਦੇ ਨਾਲ ਹੀ ਬੀਤੀ ਰਾਤ ਤਰਨਤਾਰਨ ਵਿੱਚ ਇੱਕ ਚਰਚ ਵਿੱਚ ਭੰਨਤੋੜ ਕਰਕੇ ਭਗਵਾਨ ਯੀਸ਼ੂ ਤੇ ਮਦਰ ਮਰੀਅਮ ਦੀਆਂ ਮੂਰਤੀਆਂ ਤੋੜ ਦਿੱਤੀਆਂ ਗਈਆ, ਜਿਸ ਕਰਕੇ ਉਥੇ ਵੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਅਜਿਹੀਆਂ ਘਟਨਾਵਾਂ ਨਾਲ ਪੰਜਾਬ ਵਿੱਚ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: