ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਜਦੋਂ ਜਲੰਧਰ ਦਿਹਾਤੀ ਪੁਲਿਸ ਵੱਲੋਂ 11 ਗੈਂਗਸਟਰ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ 11 ਗੈਂਗਸਟਰਾਂ ਪਾਕਿਸਤਾਨ ਨਾਲ ਕੁਨੈਕਸ਼ਨ ਰੱਖਦੇ ਹਨ ਤੇ ਉਨ੍ਹਾਂ ਖਿਲਾਫ 65 ਮੁਕੱਦਮੇ ਦਰਜ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 9 ਹਥਿਆਰ ਤੇ 5 ਵਾਹਨ ਬਰਾਮਦ ਕੀਤੇ ਗਏ ਹਨ। ਨਾਲ ਹੀ 16 ਅਜਿਹੀਆਂ ਵਾਰਦਾਤਾਂ ਜਿਨ੍ਹਾਂ ਨੂੰ ਇਨ੍ਹਾਂ ਗੈਂਗਸਟਰਾਂ ਵੱਲੋਂ ਅੰਜਾਮ ਦਿੱਤਾ ਜਾਣਾ ਸੀ, ਨੂੰ ਪੰਜਾਬ ਪੁਲਿਸ ਵੱਲੋਂ ਨਾਕਾਮ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ SSP ਜਲੰਧਰ ਨੇ ਦੱਸਿਆ ਕਿ ਇਹ ਗੈਂਗਸਟਰ ਬਿਸ਼ਨੋਈ-ਰਿੰਦਾ ਗੈਂਗ ਨਾਲ ਸਬੰਧਤ ਹਨ। ਕੋਰਟ ਵਿਚ ਪੇਸ਼ੀ ਭੁਗਤਣ ਆਏ ਮੁਲਜ਼ਮ ਨੂੰ ਛੁਡਾਉਣ ਦੀ ਯੋਜਨਾ ਵੀ ਇਨ੍ਹਾਂ ਗੈਂਗਸਟਰਾਂ ਦੀ ਸੀ। ਮੂਸੇਵਾਲਾ ਕਤਲ ਕੇਸ ਨਾਲ ਇਨ੍ਹਾਂ ਗੈਂਗਸਟਰਾਂ ਦਾ ਕੋਈ ਸਬੰਧ ਨਹੀਂ ਹੈ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਗੈਂਗਸਟਰਾਂ ਵਿਚੋਂ ਮੁੱਖ ਮੁਲਜ਼ਮ ਮੁਹੰਮਦ ਯਾਸੀਨ ਅਖਤਰ ਉਰਫ਼ ਜੈਸੀ ਇੱਕ ਸਾਲ ਤੋਂ ਲਾਪਤਾ ਹੈ। ਉਹ ਬਰਾੜ ਅਤੇ ਲਾਰੈਂਸ ਦਾ ਚੰਗਾ ਜਾਣਕਾਰ ਹੈ। ਜੱਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਜੈਸੀ ਦੀ ਹਰ ਤੀਜੇ-ਚੌਥੇ ਦਿਨ ਵਿਕਰਮ ਬਰਾੜ ਨਾਲ ਗੱਲਬਾਤ ਹੁੰਦੀ ਸੀ, ਜੋ ਕਿ ਹਾਲ ਦੀ ਘੜੀ ਵਿਦੇਸ਼ ਵਿਚ ਹੈ। ਵਿਕਰਮ ਨੇ ਗੋਲਡੀ ਬਰਾੜ ਨਾਲ ਜੈਸੀ ਦੀ ਗੱਲਬਾਤ ਕਰਵਾਈ ਸੀ ਤੇ ਇਸ ਤੋਂ ਇਲਾਵਾ ਲਾਰੈਂਸ ਨਾਲ ਵੀ ਜੈਸੀ ਦੀ ਗੱਲਬਾਤ ਹੋ ਚੁੱਕੀ ਹੈ।
ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਦੇ ਦੱਸਿਆ ਕਿ ਇਹ ਗਿਰੋਹ ਕਈ ਗੁਆਂਢੀ ਰਾਜਾਂ ਵਿੱਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਜਥੇਬੰਦਕ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਸਮੇਤ ਅਪਰਾਧਾਂ ਵਿੱਚ ਸ਼ਾਮਲ ਸੀ। ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ ‘ਚ ਰਹਿ ਰਿਹਾ ਹੈ ਅਤੇ ਉਹ ਛੇ ਰਾਜਾਂ ਦੀ ਪੁਲਿਸ ਨੂੰ ਲੋੜੀਂਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ ‘ਤੇ ਸਰਗਰਮ ਹੈ।
ਵੀਡੀਓ ਲਈ ਕਲਿੱਕ ਕਰੋ -: