ਅੰਮ੍ਰਿਤਸਰ : ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਕਿਸਾਨਾਂ ਡਟੇ ਹੋਏ ਹਨ। ਹਜ਼ਾਰਾਂ ਕਿਸਾਨਾਂ ਨੇ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ ਹੈ। ਅਜਿਹੇ ਵਿੱਚ ਕਿਸਾਨਾਂ ਦੀ ਮਦਦ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ ਅਤੇ ਕਿਸਾਨਾਂ ਲੰਗਰ ਪਾਣੀ ਤੇ ਹੋਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।
ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰਨਾਲ ਸ਼ਹਿਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਦੀ ਸਹੂਲਤ ਲਈ ਲੰਗਰ ਪਾਣੀ ਅਤੇ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਹਨ। ਜਗੀਰ ਕੌਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਸੰਗਤ ਵੱਲੋਂ ਪ੍ਰਾਪਤ ਸੰਦੇਸ਼ ਨੂੰ ਮੁੱਖ ਧਾਰਨਾ ਵਜੋਂ ਰੱਖਦੇ ਹੋਏ, ਤਿੰਨਾਂ ਗੁਰਦੁਆਰਿਆਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਡਿਊਟੀ ਬੀਤੀ ਰਾਤ ਕਰੀਬ 11 ਵਜੇ ਸੰਗਤ ਦੀ ਸਹੂਲਤ ਲਈ ਲਗਾਈ ਗਈ ਸੀ ਤਾਂ ਜੋ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਅੰਦੋਲਨਕਾਰੀ ਕਿਸਾਨਾਂ ਲਈ ਕਰਨਾਲ ਵਿੱਚ ਅੱਜ ਸਵੇਰ ਤੋਂ ਹੀ ਲੰਗਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਰਨਾਲ ਵਿੱਚ ਅੰਦੋਲਨਕਾਰੀ ਕਿਸਾਨਾਂ ਨੂੰ ਉਹ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਏਗੀ ਜੋ ਕਿਸਾਨਾਂ ਨੂੰ ਲੋੜੀਂਦੀਆਂ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸਾਨ ਅੰਦੋਲਨ ਕਰ ਰਹੇ ਹਨ, ਸ਼੍ਰੋਮਣੀ ਕਮੇਟੀ ਕਿਸਾਨਾਂ ਨੂੰ ਹਰ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਹੀ ਕਿਸਾਨ ਅਤੇ ਕਿਸਾਨ ਅੰਦੋਲਨ ਦੇ ਨਾਲ ਹਨ ਅਤੇ ਤਿੰਨੋਂ ਖੇਤੀਬਾੜੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਦੱਸਣਯੋਗ ਹੈ ਕਿ ਕਿਸਾਨਾਂ ਨੇ ਕੁੱਝ ਦਿਨ ਪਹਿਲਾ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਮੰਗਲਵਾਰ ਨੂੰ ਇਹ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਓਲੰਪਿਕ ਖਿਡਾਰੀਆਂ ਲਈ ਅੱਜ ‘ਸ਼ੇਫ’ ਬਣਨਗੇ ਕੈਪਟਨ- ਖਿਡਾਰੀਆਂ ‘ਚ ਉਤਸ਼ਾਹ, ਡਿਸਕਸ ਥ੍ਰੋ ਪਲੇਅਰ ਕਮਲਪ੍ਰੀਤ ਨੂੰ ਵੀ ਦਿੱਤਾ ਸੱਦਾ
ਮੰਗਲਵਾਰ ਨੂੰ ਕਿਸਾਨਾਂ ਅਤੇ ਸਰਕਾਰ ਦੇ ਵਿੱਚ ਇੱਕ ਵਾਰ ਫਿਰ ਟਕਰਾਅ ਹੋਇਆ ਹੈ। ਸਰਕਾਰ / ਪ੍ਰਸ਼ਾਸਨ ਨੇ ਕਿਸਾਨਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਹਜ਼ਾਰਾਂ ਕਿਸਾਨ ਸਕੱਤਰੇਤ ਦੇ ਬਾਹਰ ਧਰਨੇ ‘ਤੇ ਬੈਠ ਗਏ। ਕਿਸਾਨਾਂ ਨੇ ਪੂਰੀ ਰਾਤ ਸਕੱਤਰੇਤ ਦੇ ਬਾਹਰ ਸੜਕ ‘ਤੇ ਬੈਠ ਕੇ ਹੀ ਬਿਤਾਈ ਹੈ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਮੰਗਾਂ ਨਾ ਮੰਨੀਆਂ ਜਾਣ ਤੱਕ ਕਰਨਾਲ ‘ਚ ਵੀ ਪੱਕਾ ਮੋਰਚਾ ਲਗਾ ਦਿੱਤਾ ਹੈ।