SGPC passes budget : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2021 ਦਾ ਬਜਟ ਪੇਸ਼ ਕੀਤਾ ਗਿਆ। ਇਸ ਸਾਲਾਨਾ ਬਜਟ ਇਜਲਾਸ ਵਿੱਚ 912 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਉਨ੍ਹਾਂ ਇਸ ਵਰ੍ਹੇ ਦੀ ਅਨੁਮਾਨਤ ਆਮਦਨ 871 ਕਰੋੜ 93 ਲੱਖ ਰੁਪਏ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬਜਟ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ 14 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਬਜਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ ਅਰਬ 40 ਕਰੋੜ ਰੁਪਏ ਰੱਖਿਆ ਗਿਆ।
ਗੁਰਦੁਆਰਿਆਂ ਦੀ ਆਮਦਨ ’ਤੇ ਇਹ ਪ੍ਰਭਾਵ ਕੋਰੋਨਾ ਕਾਰਨ ਪਿਆ ਹੈ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਯੂਐੱਨਓ ਕੋਲੋਂ ਮੰਗ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮਨੁੱਖੀ ਅਧਿਕਾਰ ਦਿਵਸ ਵਜੋਂ ਮਾਨਤਾ ਦਿੱਤੀ ਜਾਵੇ। ਇਜਲਾਸ ਵੱਲੋਂ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਤੇ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ।ਬਜਟ ਇਜਲਾਸ ਵਿੱਚ ਬਰਗਾੜੀ ਕਾਂਡ ਦੀ ਨਿੰਦਾ ਕਰਦਿਆਂ ਪਰਮਾਤਮਾ ਅੱਗੇ ਦੋਸ਼ੀਆ ਖ਼ਿਲਾਫ਼ ਕਾਰਵਾਈ ਦੀ ਅਰਜੋਈ ਕੀਤੀ ਗਈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧੀਨ ਵਿੱਦਿਅਕ ਅਦਾਰਿਆਂ ਲਈ 2 ਅਰਬ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।