SGPC President Bibi : ਅੰਮ੍ਰਿਤਸਰ : ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਪਿਛਲੇ ਸਮੇਂ ਦੌਰਾਨ ਕਾਫੀ ਲੰਬੇ ਸਮੇਂ ਤੋਂ ਰੁਕੇ ਹੋਏ ਕੰਮਾਂ ਅਤੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਉਣ ਵਾਲੀ ਸ਼ਤਾਬਦੀ ਸੰਬੰਧੀ ਵੀ ਵਿਚਾਰ ਚਰਚਾ ਕੀਤੀ ਗਈ । ਬੀਬੀ ਜਗੀਰ ਕੌਰ ਨੇ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ ਹੈ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਆਪਣੀਆਂ ਕੁਝ ਮੰਗਾਂ ਰੱਖੀਆਂ। ਉਨ੍ਹਾਂ ਨੇ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਦੀ 12 ਏਕੜ ਜ਼ਮੀਨ ਨੂੰ ਗ੍ਰਹਿਣ ਕਰਨ ਤੋਂ ਰੋਕਣ ਅਤੇ ਬੱਸੀ ਪਠਾਣਾਂ ਜੇਲ੍ਹ ਨੂੰ ਕੌਮੀ ਵਿਰਾਸਤ ਵਜੋਂ ਸੰਭਾਲਣ ਲਈ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ਨਵੀਆਂ ਸਰਾਵਾਂ ਬਣਾਉਣ ਲਈ ਸਬੰਧਤ ਵਿਭਾਗ ਨੂੰ ਨਕਸ਼ੇ ਪਾਸ ਕਰਨ ਸਬੰਧੀ ਹਦਾਇਤਾਂ ਜਾਰੀ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਹੀ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਇਸ ਮੁਲਾਕਾਤ ਦੌਰਾਨ ਸਿੱਖ ਕੌਮ ਦੇ ਕਈ ਅਹਿਮ ਮਸਲਿਆਂ ਦੇ ਹੱਲ ਲਈ ਪੱਤਰ ਦਿੱਤਾ। SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਦੀ ਕਰੀਬ 12 ਏਕੜ ਜ਼ਮੀਨ ਨੂੰ ਗਮਾਡਾ ਐਕਵਾਇਰ ਕਰਨਾ ਚਾਹੁੰਦਾ ਹੈ, ਜਿਸ ਨੂੰ ਰੋਕਣ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਗੁਰੂ ਘਰ ਦੀ ਜਾਇਦਾਦ ਕੌਮ ਦੀ ਅਮਾਨਤ ਹੈ, ਜਿਸ ਨੂੰ ਹਥਿਆਉਣ ਨਹੀਂ ਦਿੱਤਾ ਜਾਵੇਗਾ। ਬੱਸੀ ਪਠਾਣਾਂ ਦੀ ਜੇਲ੍ਹ ਉਹ ਇਤਿਹਾਸਕ ਅਸਥਾਨ ਹੈ, ਜਿਥੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਕੁਝ ਸਮਾਂ ਰੱਖਿਆ ਗਿਆ ਸੀ। ਸ਼੍ਰੋਮਣੀ ਕਮੇਟੀ ਇਸ ਨੂੰ ਕੌਮੀ ਵਿਰਾਸਤ ਵਜੋਂ ਸੰਭਾਲਣਾ ਚਾਹੁੰਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਦਰਬਾਰ ਸਾਹਿਬ ਵਿਖੇ ਲਗਾਏ ਜਾ ਰਹੇ ਸੋਲਰ ਸਿਸਟਮ ਦਾ ਮਸਲਾ ਵੀ ਮੁੱਖ ਮੰਤਰੀ ਕੋਲ ਰੱਖਿਆ। ਸ਼੍ਰੋਮਣੀ ਕਮੇਟੀ 2.2 ਮੈਗਾਵਾਟ ਦਾ ਸੋਲਰ ਸਿਸਟਮ ਸੰਗਤ ਦੇ ਸਹਿਯੋਗ ਨਾਲ ਲਗਾਉਣਾ ਚਾਹੁੰਦੀ ਹੈ। ਇਸ ਲਈ ਨੇੜੇ ਜਗ੍ਹਾ ਨਾ ਹੋਣ ਕਾਰਨ ਇਸ ਨੂੰ ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਵਿਚ ਲਗਾਉਣ ਦੀ ਯੋਜਨਾ ਹੈ। ਇਸ ਸਬੰਧੀ ਮਨਜੂਰੀ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਐਸ.ਸੀ. ਕੋਟੇ ਦੇ ਸਕਾਰਲਸ਼ਿਪ ਦੀ ਰਕਮ ਜੋ ਲਗਪਗ 43 ਕਰੋੜ ਰੁਪਏ ਹੈ, ਤੁਰੰਤ ਜਾਰੀ ਕਰਨ ਲਈ ਆਖਿਆ ਹੈ। ਇਹ ਰਕਮ ਸਾਲ 2017 ਤੋਂ 2019 ਤੱਕ ਦਾ ਬਕਾਇਆ ਹੈ, ਜੋ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਸੁਖਬੀਰ ਸਿੰਘ ਓਐਸਡੀ ਤੇ ਇੰਦਰਪਾਲ ਸਿੰਘ ਮੌਜੂਦ ਸਨ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਆਦਿ ਨੇ ਸ਼ਮੂਲੀਅਤ ਕੀਤੀ।