ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਢਿੱਲਵਾਂ ਵਿਖੇ SHO ਵਜੋਂ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6,500 ਰੁਪਏ ਦੀ ਰਿਸ਼ਵਤ ਲੈਣ ਅਤੇ 50,000 ਰੁਪਏ ਹੋਰ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਵਿਰੁੱਧ ਐਨਡੀਪੀਐਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 6500 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ATM ਕਾਰਡ ਜ਼ਬਤ ਕਰ ਲਿਆ ਹੈ। ਉਹ ਉਸ ਦੀ ਗੱਡੀ ਅਤੇ ਦਸਤਾਵੇਜ਼ ਛੱਡਣ ਲਈ 50,000 ਰੁਪਏ ਹੋਰ ਮੰਗ ਰਹੇ ਸਨ।
ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਨੇ ਉਸ ਦੀ ਗੱਡੀ ਨੂੰ ਦਸ ਦਿਨਾਂ ਤੱਕ ਆਪਣੀ ਹਿਰਾਸਤ ਵਿੱਚ ਰੱਖਿਆ ਅਤੇ ਜਦੋਂ ਉਸ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਤਾਂ ਉਸ ਨੂੰ ਵਾਪਸ ਕਰ ਦਿੱਤਾ।
ਇਹ ਵੀ ਪੜ੍ਹੋ : ਕੋਰੋਨਾ ‘ਤੇ ਸਰਕਾਰ ਅਲਰਟ, ਆਕਸੀਜਨ ਦੀਆਂ ਪਈਆਂ ਫਿਕਰਾਂ, ਰਾਜਾਂ ਨੂੰ ਨਵੀਂ ਐਡਵਾਇਜ਼ਰੀ ਜਾਰੀ
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਦੋਵੇਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਕਰਤਾ ਤੋਂ 6,500 ਰੁਪਏ ਦੀ ਰਿਸ਼ਵਤ ਲੈਣ ਅਤੇ 50,000 ਰੁਪਏ ਦੀ ਮੰਗ ਕਰਨ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਉਪਰੋਕਤ ਦੋਵਾਂ ਪੁਲਿਸ ਅਧਿਕਾਰੀਆਂ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: