Shops to be opened in Ludhiana : ਪੰਜਾਬ ਵਿਚ ਵਧਦੇ ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਸਰਕਾਰ ਵੱਲੋਂ ਮੁੜ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਸਰਕਾਰ ਦੀਆਂ ਹਿਦਾਇਤਾਂ ’ਤੇ ਚੱਲਦਿਆਂ ਲੁਧਿਆਣਾ ਪ੍ਰਸ਼ਾਸਨ ਵੱਲੋਂ ਵੀ ਇਸ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਅਧੀਨ ਹੁਣ ਸੋਮਵਾਰ ਤੋਂ ਜ਼ਿਲ੍ਹੇ ਵਿਚ ਦੁਕਾਨਾਂ Odd-Even ਸਿਸਟਮ ਨਾਲ ਖੋਲ੍ਹੀਆਂ ਜਾਣਗੀਆਂ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਅਧੀਨ ਸੋਮਵਾਰ ਪਹਿਲੇ ਦਿਨ ਤੋਂ Even ਨੰਬਰ ਵਾਲੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ ਅਤੇ ਉਸ ਤੋਂ ਅਗਲੇ ਦਿਨ Odd ਨੰਬਰ ਵਾਲੀਆਂ। ਇਹ ਫਾਰਮੂਲਾ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਰਹੇਗਾ। ਇਸ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਪੈਂਦੇ ਇਲਾਕਿਆਂ ਦੇ SHOs ਨੂੰ ਸਾਰੀਆਂ ਦੁਕਾਨਾਂ ’ਤੇ ਨੰਬਰ ਲਗਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਜਿਨ੍ਹਾਂ ਦੁਕਾਨਾਂ ’ਤੇ ਪੁਲਿਸ ਨੰਬਰ ਨਹੀਂ ਲਗਵਾ ਸਕੇਗੀ, ਉਥੇ ਦੇ ਮਾਰਕੀਟ ਪ੍ਰਧਾਨਾਂ ਨੂੰ ਦੁਕਾਨਾਂ ’ਤੇ ਨੰਬਰ ਲਗਵਾਉਣੇ ਹੋਣਗੇ।
ਦੱਸ ਦੇਈਏ ਕਿ ਸੂਬੇ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਲੁਧਿਆਣਾ, ਜਲੰਧਰ, ਅਂਮ੍ਰਿਤਸਰ ਤੇ ਪਟਿਆਲਾ ਜ਼ਿਲ੍ਹੇ ਤੋਂ ਕੋਰੋਨਾ ਦੇ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧਦੀ ਹੀ ਜਾ ਰਹੀ ਹੈ। ਸੂਬੇ ’ਚ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਤੇ ਐਤਵਾਰ ਮੁੜ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਕੋਰੋਨਾ ਦੇ ਵਧ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੋਰ ਵੀ ਪਾਬੰਦੀਆਂ ਲਗਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।