ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਪਿਆ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ ਸੂਬਾ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਵਿੱਚ ਚੰਡੀਗੜ੍ਹ ਆਏ ਅਤੇ ਸਿੱਧੂ ਤੇ ਕੈਪਟਨ ਤੇ ਹੋਰਨਾਂ ਮੰਤਰੀਆਂ ਨਾਲ ਗੱਲਬਾਤ ਕੀਤੀ ਪਰ ਅਖੀਰ ਉਹ ਵੀ ਮੰਨ ਗਏ ਕਿ ਸੂਬਾ ਕਾਂਗਰਸ ਵਿੱਚ ਸਭ ਠੀਕ ਨਹੀਂ ਚੱਲ ਰਿਹਾ।
ਉਥੇ ਹੀ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਈ ਨਵੀਂ ਰਣਨੀਤੀ ਬਣਾਉਣ ਦੀ ਤਿਆਰੀ ਵਿੱਚ ਲੱਗ ਰਹੇ ਹਨ। ਸਿੱਧੂ ਵਿਧਾਨ ਸਭਾ ਸੈਸ਼ਨ ਖਤਮ ਹੋਣ ਤੋਂ ਬਾਅਦ ਵਿਧਾਇਕ ਪ੍ਰਗਟ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਤੋਂ ਇਲਾਵਾ ਕੈਪਟਨ ਵਿਰੋਧੀ ਧੜੇ ਦੇ ਕਈ ਨੇਤਾ ਵੀ ਉੱਥੇ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਹਰੀਸ਼ ਰਾਵਤ ਪਾਰਟੀ ਕਲੇਸ ਹੱਲ ਕਰਨ ਲਈ ਤਿੰਨ ਦਿਨਾਂ ਲਈ ਚੰਡੀਗੜ੍ਹ ਰੁਕੇ। ਰਾਵਤ ਤੋਂ ਨਾਰਾਜ਼ ਹੋ ਕੇ ਦਿੱਲੀ ਪਹੁੰਚੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਾਈਕਮਾਨ ਕੋਲ ਪਹੁੰਚੇ। ਸੂਤਰਾਂ ਅਨੁਸਾਰ ਦਿੱਲੀ ਦੌਰੇ ਦੌਰਾਨ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰਾਹੁਲ-ਪ੍ਰਿਯੰਕਾ ਦੀ ਤਰਫੋਂ ਜਨਤਕ ਮੰਚਾਂ ‘ਤੇ ਜ਼ਿਆਦਾ ਨਾ ਬੋਲਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਸੋਸ਼ਲ ਮੀਡੀਆ ‘ਤੇ ਨਾ ਰੱਖਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਨੇ ਹਾਈਕਮਾਨ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਮੋਗਾ ਰੈਲੀ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ ਵੱਡੀ ਕਾਰਵਾਈ- ਨਿਰਭੈ ਸਿੰਘ ਸਣੇ 17 ਆਗੂਆਂ ‘ਤੇ FIR
ਇਸ ਤੋਂ ਪਹਿਲਾਂ, ਸਿੱਧੂ ਆਪਣੇ ਬਿਆਨਾਂ ਅਤੇ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾਉਂਦੇ ਰਹੇ ਹਨ। ਇਸ ਤੋਂ ਪਹਿਲਾਂ ਸਿੱਧੂ ਧੜੇ ਦੇ ਮੰਤਰੀਆਂ ਨੇ ਮੁੱਖ ਮੰਤਰੀ ਬਦਲਣ ਦੀ ਮੰਗ ਕੀਤੀ ਸੀ। ਹੁਣ ਜਦੋਂ ਪੰਜਾਬ ਕਾਂਗਰਸ ਵਿੱਚ ਕਿਸੇ ਵੀ ਤਰ੍ਹਾਂ ਤੋਂ ਸੁਲਹ ਦੇ ਕੋਈ ਆਸਾਰ ਨਹੀਂ ਨਜ਼ਰ ਆ ਰਹੇ ਤਾਂ ਅਜਿਹੇ ਵਿੱਚ ਸਿੱਧੂ ਧੜੇ ਦੇ ਇਕੱਠ ਹੋਣ ‘ਤੇ ਕਿਆਸ ਲਾਏ ਜਾ ਰਹੇ ਹਨ ਕਿ ਕੋਈ ਨਵੀਂ ਰਣਨੀਤੀ ਘੜੀ ਜਾ ਸਕਦੀ ਹੈ।