ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਅਤੇ ਸਿੱਖਾਂ ‘ਤੇ ਤਸ਼ੱਦਦ ਜਾਰੀ ਹਨ। ਪਿਛਲੇ ਦਿਨੀਂ ਸਿੱਖ ਨੌਜਵਾਨ ਦੇ ਕਤਲ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰਕੇ ਪਾਠ ਬੰਦ ਕਰਵਾ ਦਿੱਤੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪਾਕਿਸਤਾਨ ਦੇ ਸਿੰਧ ਸੂਬੇ ਦੇ ਸੱਖਰ ਇਲਾਕੇ ਦੇ ਗੁਰਦੁਆਰੇ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਸੱਖਰ ਸਥਿਤ ਗੁਰਦੁਆਰਾ ਵਿੱਚ ਗੁਰਬਾਣੀ ਦਾ ਪਾਠ ਚੱਲ ਰਿਹਾ ਸੀ। ਇਸੇ ਦੌਰਾਨ ਮੁਸਿਲਮ ਭਾਈਚਾਰੇ ਦੇ ਕੁਝ ਲੋਕਾਂ ਨੇ ਗੁਰਦੁਆਰੇ ‘ਤੇ ਹਮਲਾ ਕਰ ਦਿੱਤਾ। ਸਾਰਿਆਂ ਨੂੰ ਗੁਰਦੁਆਰੇ ਤੋਂ ਬਾਹਰ ਜਾਣ ਲਈ ਕਿਹਾ ਗਿਆ। ਇਸ ਦੌਰਾਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਸ਼ੀ ਈਦ ਮੌਕੇ ਕਿਸੇ ਹੋਰ ਧਰਮ ਦੇ ਪਾਠ ਚਲਾਉਣ ਦਾ ਵਿਰੋਧ ਕਰ ਰਹੇ ਸਨ।
ਸਥਾਨਕ ਲੋਕਾਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ ਪਰ ਪੁਲਿਸ ਨੇ ਬਿਨਾਂ ਕੋਈ ਕਾਰਵਾਈ ਕੀਤੇ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਾਕਿਸਤਾਨ ‘ਚ ਸਿੱਖਾਂ ਅਤੇ ਘੱਟ ਗਿਣਤੀਆਂ ‘ਤੇ ਤਸ਼ੱਦਦ ਲਗਾਤਾਰ ਜਾਰੀ ਹਨ।
ਇਹ ਵੀ ਪੜ੍ਹੋ : ਪਟਿਆਲਾ : ਪੁੱਤ ਦੇ ਵਿਆਹ ਦੇ ਚਾਅ ਵੀ ਨਹੀਂ ਸਨ ਮੁੱਕੇ ਕਿ ਪਰਿਵਾਰ ਨਾਲ ਵਾਪਰ ਗਿਆ ਵੱਡਾ ਭਾਣਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਰਾਰਤੀ ਅਨਸਰਾਂ ਨੇ ਸਿੰਧ ਦੇ ਗੁਰਦੁਆਰਾ ਸਾਹਿਬ ਸੁੱਖਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਗੁਰਬਾਣੀ ਕੀਰਤਨ ਨੂੰ ਰੋਕਿਆ। ਗ੍ਰਿਫਤਾਰ ਦੋਸ਼ੀਆਂ ਨੂੰ ਪਾਕਿਸਤਾਨ ਪ੍ਰਸ਼ਾਸਨ ਨੇ ਕਾਰਵਾਈ ਕਰਨ ਦੀ ਬਜਾਏ ਛੱਡ ਦਿੱਤਾ, ਜੋ ਕਿ ਬਹੁਤ ਮੰਦਭਾਗਾ ਹੈ। ਇਸ ਦੀ ਨਿਖੇਧੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਅੱਗੇ ਇਸ ਘਟਨਾ ‘ਤੇ ਸਖ਼ਤ ਇਤਰਾਜ਼ ਪ੍ਰਗਟਾਉਣ ਲਈ ਕਿਹਾ ਹੈ। ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: