SKM decides to : ਨਵੀਂ ਦਿੱਲੀ : ਦਿੱਲੀ ਬਾਰਡਰ ‘ਤੇ ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 77 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਇਸ ਵੇਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਚੱਲ ਰਹੇ ਵਿਰੋਧ ਨੂੰ ਹੋਰ ਤੇਜ਼ ਕਰਨ ਦੇ ਲਏ ਗਏ ਫੈਸਲੇ ਨਾਲ, ਸੰਯੁਕਤ ਕਿਸਾਨ ਮੋਰਚਾ ਨੇ 18 ਫਰਵਰੀ ਨੂੰ ਰੇਲ ਰੋਕੋ ਦਾ ਐਲਾਨ ਕੀਤਾ ਹੈ। ਕਿਸਾਨ ਨੇਤਾਵਾਂ ਦੀ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਯੂਨੀਅਨ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਹੇਠ ਦਿੱਤੇ ਫੈਸਲੇ ਲਏ।
- 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਸੜਕ ਟੋਲ ਪਲਾਜ਼ਾ ਟੋਲ ਮੁਕਤ ਕੀਤੇਜਾਣਗੇ। 2. 14 ਫਰਵਰੀ ਨੂੰ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਫੌਜੀਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਭਰ ਵਿਚ ਕੈਂਡਲ ਮਾਰਚ, ਮਸ਼ਾਲ ਮਾਰਚ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। 3. 16 ਫਰਵਰੀ ਨੂੰ, ਕਿਸਾਨ ਸਰ ਛੋਟੂਰਾਮ ਦੇ ਜਨਮ ਦਿਹਾੜੇ ‘ਤੇ ਦੇਸ਼ ਭਰ ਵਿਚ ਇਕਜੁਟਤਾ ਦਿਖਾਉਣਗੇ। 4. ਰੇਲ ਰੋਕੋ ਪ੍ਰੋਗਰਾਮ 18 ਫਰਵਰੀ ਨੂੰ ਦੇਸ਼ ਭਰ ਵਿਚ ਦੁਪਹਿਰ 12 ਤੋਂ 4 ਵਜੇ ਤੱਕ ਹੋਵੇਗਾ।
ਕੁਰੂਕਸ਼ੇਤਰ ਦੇ ਪਿਹੋਵਾ ‘ਚ ਅੱਜ ਕਿਸਾਨਾਂ ਵੱਲੋਂ ਮਹਾਪੰਚਾਇਤ ਬੁਲਾਈ ਗਈ ਜਿਥੇ ਅੰਦੋਲਨ ਨੂੰ ਤੇਜ਼ ਕਰਨ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ 4 ਲੱਖ ਨਹੀਂ ਸਗੋਂ 40 ਲੱਖ ਟਰੈਕਟਰਾਂ ਨਾਲ ਰੈਲੀ ਕੱਢੀ ਜਾਵੇਗੀ। ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੰਦੋਲਨਜੀਵੀ ਵਾਲੇ ਬਿਆਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ‘ਚ ਕਦੇ ਅੰਦੋਲਨ ਨਹੀਂ ਕੀਤਾ ਬਲਕਿ ਉਨ੍ਹਾਂ ਨੇ ਦੇਸ਼ ਨੂੰ ਤੋੜਨ ਦਾ ਕੰਮ ਕੀਤਾ ਹੈ, ਇਸ ਲਈ ਅੰਦੋਲਨ ਕਰਨ ਵਾਲੇ ਅੰਦੋਲਨਕਾਰੀਆਂ ਬਾਰੇ ਉਨ੍ਹਾਂ ਨੂੰ ਕੀ ਪਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਵੀ ਅੰਦੋਲਨ ਕੀਤਾ ਸੀ। ਇੱਥੋਂ ਤੱਕ ਕਿ ਲਾਲ ਕ੍ਰਿਸ਼ਨ ਅਡਵਾਨੀ ਨੇ ਵੀ ਅੰਦੋਲਨ ਕੀਤਾ ਹੈ, ਪਰ ਪ੍ਰਧਾਨ ਮੰਤਰੀ ਮੋਦੀ ਨੇ ਕਦੇ ਕੋਈ ਅੰਦੋਲਨ ਨਹੀਂ ਕੀਤਾ।