ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਆਪ ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 100 ਤੋਂ ਵੱਧ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ 15 ਅਗਸਤ ਨੂੰ ਵੀ ਮਹਿਲਾ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਇਨ੍ਹਾਂ ਵਿੱਚ ਉਹ ਮਹਿਲਾ ਕੈਦੀ ਹੋਣਗੀਆਂ ਜਿਹੜੀਆਂ ਆਪਣੀ 50 ਫੀਸਦੀ ਤੱਕ ਸਜ਼ਾ ਪੂਰੀ ਕਰ ਚੁੱਕੀਆਂ ਹਨ ਜਾਂ ਫਿਰ ਦਿਵਿਆਂਗ ਹਨ ਜਾਂ ਇਸ ਸਬੰਧੀ ਤੈਅ ਕੀਤੀ ਪਾਲਿਸੀ ਦੇ ਅੰਡਰ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਅਜਿਹੀਆਂ ਔਰਤਾਂ ਦੀ ਗਿਣਤੀ 64-65 ਦੇ ਕਰੀਬ ਹੈ। ਇਨ੍ਹਾਂ ਸਾਰੇ ਕੈਦੀਆਂ ਦੀ ਗਿਣਤੀ ਵਧ ਵੀ ਸਕਦੀ ਹੈ ਇਸ ਸਬੰਧੀ ਅਜੇ ਕੁਝ ਤੈਅ ਨਹੀਂ ਕੀਤਾ ਗਿਆ।
ਮੰਤਰੀ ਮੰਡਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ/ਉਮਰ ਕੈਦ ਕੈਦੀਆਂ ਨੂੰ ਵਿਸ਼ੇਸ਼ ਮੁਆਫ਼ੀ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਹੜ ਕਰਕੇ ਨੁਕਸਾਨੀਆਂ ਫਸਲਾਂ ਦੀ ਭਰਪਾਈ ਦੇ ਹੁਕਮ, ਬੋਲੇ- ‘ਸਰਕਾਰ ਬੇਵੱਸ ਨਹੀਂ ਛੱਡੇਗੀ’
ਇਸੇ ਤਰ੍ਹਾਂ ਮੰਤਰੀ ਮੰਡਲ ਨੇ 15 ਅਗਸਤ, 2022 ਨੂੰ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਨੂੰ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਉਣ ਲਈ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਦੋਸ਼ੀਆਂ ਦੀ ਵਿਸ਼ੇਸ਼ ਮੁਆਫੀ ਅਤੇ ਰਿਹਾਈ ਲਈ ਕੇਸ ਭੇਜਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।
ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਇਹ ਵਿਸ਼ੇਸ਼ ਮੁਆਫੀ ਦੇ ਕੇਸ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: