Speech competition under educational : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਤੀਸਰੀ ਪ੍ਰਤੀਯੋਗਤਾ ਭਾਸ਼ਨ ਭਲਕੇ 17 ਅਗਸਤ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਵਿਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 17 ਅਗਸਤ ਤੋਂ 21 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।
ਦੱਸਣਯੋਗ ਹੈ ਕਿ 22 ਅਗਸਤ ਨੂੰ ਸਕੂਲ ਮੁਖੀ ਆਪੋ-ਆਪਣੇ ਸਕੂਲਾਂ ਦਾ ਨਤੀਜਾ/ਰਜਿਸਟ੍ਰੇਸ਼ਨ ਅਪਲੋਡ ਕਰਨਗੇ ਅਤੇ 23 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੀਡੀਓਜ਼ ਦੀ ਬਲਾਕ ਵਾਰ ਵੰਡ ਕਰੇਗੀ। ਸਿੱਖਿਆ ਵਿਭਾਗ ਵੱਲੋਂ ਮੁਕਾਬਲਿਆਂ ਸਬੰਧੀ ਜਾਰੀ ਹਿਦਾਇਤਾਂ ਮੁਤਾਬਕ ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਆਪਣਾ ਭਾਸ਼ਨ ਪੂਰਾ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਭਾਸ਼ਣ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਪ੍ਰਤੀਯੋਗੀ ਵੱਲੋਂ ਇਹ ਭਾਸ਼ਣ ਜ਼ੁਬਾਨੀ ਉਚਾਰਨ ਕੀਤਾ ਜਾਵੇਗਾ ਅਤੇ ਕੱਟ-ਕੱਟ ਕੇ ਵੀਡੀਓ ਨਹੀਂ ਬਣਾਈ ਜਾਵੇਗੀ।
ਦੱਸਣਯੋਗ ਹੈ ਕਿ ਇਹ ਮੁਕਾਬਲੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਦੇਖ-ਰੇਖ ਸਕੂਲ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਇਨ੍ਹਾਂ ਮੁਕਾਬਲਿਆਂ ਦੀਆਂ ਪਹਿਲੀਆਂ ਦੋ ਲੜੀਆਂ ਅਧੀਨ ਸ਼ਬਦ ਗਾਇਨ, ਗੀਤ ਗਾਇਨ ਤੇ ਕਵਿਤਾ ਉਚਾਰਨ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਸੂਬੇ ਭਰ ਤੋਂ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 74 ਹਜ਼ਾਰ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ।