ਪਤੰਗ ਉਡਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਪਹਿਲੀ ਵਾਰ ਫ਼ਿਰੋਜ਼ਪੁਰ ਵਿੱਚ ਰਾਜ ਪੱਧਰੀ ਬਸੰਤ ਮੇਲਾ ਮਨਾਉਣ ਜਾ ਰਹੀ ਹੈ। ਮੇਲੇ ਵਿੱਚ ਪਤੰਗ ਉਡਾਉਣ ਦੇ ਮੁਕਾਬਲੇ ਹੋਣਗੇ। ਜਿਸ ਵਿੱਚ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਹ ਮੁਕਾਬਲਾ ਭਾਵ ਮੇਲਾ 10 ਅਤੇ 11 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਸਭ ਤੋਂ ਵੱਡੀ ਪਤੰਗ ਉਡਾਉਣ ਦੇ ਵਿਸ਼ੇ ‘ਤੇ ਆਯੋਜਿਤ ਕੀਤਾ ਜਾਵੇਗਾ।
ਬਸੰਤ ਪੰਚਮੀ ‘ਤੇ ਫ਼ਿਰੋਜ਼ਪੁਰ ਦੀ ਪਤੰਗਬਾਜ਼ੀ ਪੂਰੇ ਪੰਜਾਬ ਵਿੱਚ ਮਸ਼ਹੂਰ ਹੈ। ਅਜਿਹੇ ‘ਚ ਸੂਬਾ ਸਰਕਾਰ ਨੇ ਇਸ ਵਾਰ ਇਸ ਨੂੰ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਇਸ ਨੂੰ ਰਾਜ ਪੱਧਰੀ ਮੇਲੇ ਵਜੋਂ ਮਾਨਤਾ ਮਿਲੀ ਹੈ। ਮੇਲੇ ਵਿੱਚ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਤੋਂ ਵੀ ਪ੍ਰਤੀਯੋਗੀਆਂ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗ ਉਡਾਉਣ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਜੇਤੂਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਿਲੀ ਮਨਜੂਰੀ, CM ਮਾਨ ਨੇ ਗਵਰਨਰ ਦਾ ਕੀਤਾ ਧੰਨਵਾਦ
ਉਨ੍ਹਾਂ ਦੱਸਿਆ ਕਿ ਪੁਰਸ਼ਾਂ ਦੇ ਪਤੰਗ ਉਡਾਉਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਔਰਤਾਂ ਦੇ ਪਤੰਗ ਉਡਾਉਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 10 ਤੋਂ 16 ਸਾਲ ਦੀ ਉਮਰ ਦੇ ਲੜਕੇ ਅਤੇ ਲੜਕੀਆਂ ਨੂੰ ਵੀ ਹਜ਼ਾਰਾਂ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ। ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਨਾਲ ਮੇਲੇ ਦੇ ਮਾਹੌਲ ਵਿੱਚ ਰੰਗ ਭਰਨਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਇਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”