Stubbornness does not : ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਅੱਜ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਹਨ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਇਸੇ ਦੌਰਾਨ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ, ‘ਕਿਸੇ ਵੀ ਕੰਮ ਜਾਂ ਅੰਦੋਲਨ’ ਨੂੰ ਲੈ ਕੇ ਜ਼ਿੱਦ ‘ਤੇ ਅੜ ਜਾਣ ਨਾਲ ਹੱਲ ਨਹੀਂ ਹੁੰਦਾ। ਹੱਲ ਯਕੀਨੀ ਤੌਰ ‘ਤੇ ਗੱਲਬਾਤ ਨਾਲ ਹੀ ਨਿਕਲਦਾ ਹੈ। ਮੈਂ ਕਿਸਾਨਾਂ ਨੂੰ ਬੇਨਤੀ ਕਰਾਂਗਾ ਕਿ ਭਾਰਤ ਸਰਕਾਰ ਤੁਹਾਡੇ ਨਾਲ ਬੈਠਣ ਲਈ ਤਿਆਰ ਹੈ।
ਸਰਕਾਰ ਕਿਸਾਨਾਂ ਨੂੰ ਮਨਾਉਣ ਅਤੇ ਅੰਦੋਲਨ ਨੂੰ ਖਤਮ ਕਰਨ ਲਈ ਸਰਗਰਮ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰ ਪਹੁੰਚੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸ ਦੇਈਏ ਕਿ ਅੱਜ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਦਿੱਲੀ ਵਿਖੇ 19ਵੇਂ ਦਿਨ ਵੀ ਜਾਰੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਵੀ ਅੱਜ ਭੁੱਖ ਹੜਤਾਲ ‘ਤੇ ਬੈਠ ਗਏ ਹਨ।
ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਸਮਰਥਨ ‘ਚ ਵਰਤ ਰੱਖਿਆ ਹੈ। ਅਰਵਿੰਦ ਕੇਜਰੀਵਾਲ ਸ਼ਾਮ 4 ਵਜੇ ਆਈ ਟੀ ਓ ਵਿਖੇ ਪਾਰਟੀ ਦਫਤਰ ਪਹੁੰਚਣਗੇ ਅਤੇ ਫਿਰ ਵਰਕਰਾਂ ਨਾਲ ਵਰਤ ਖੋਲ੍ਹਣਗੇ। ਉਸ ਤੋਂ ਬਾਅਦ ਉਹ ਵਰਕਰਾਂ ਨੂੰ ਵੀ ਸੰਬੋਧਨ ਵੀ ਕਰਨਗੇ। ਖੇਤੀਬਾੜੀ ਮਾਮਲਿਆਂ ‘ਤੇ ‘ਗਰੁੱਪ ਆਫ਼ ਮੰਤਰੀਆਂ’ (GOM) ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਸਨ।
ਕਿਸਾਨ ਅੰਦੋਲਨ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਹਮੇਸ਼ਾਂ ਆਪਣੇ ਕਿਸਾਨ ਭਰਾਵਾਂ ਦੀ ਗੱਲ ਸੁਣਨ ਲਈ ਤਿਆਰ ਹਾਂ ਤੇ ਉਨ੍ਹਾਂ ਦੀਆਂ ਗ਼ਲਤਫਹਿਮੀਆਂ ਵੀ ਦੂਰ ਕਰਦੇ ਹਾਂ ਅਤੇ ਉਨ੍ਹਾਂ ਨੂੰ ਉਸ ਬਾਰੇ ਵੀ ਭਰੋਸਾ ਦਿੰਦੇ ਹਾਂ ਕਿ ਜੋ ਅਸੀਂ ਉਨ੍ਹਾਂ ਨੂੰ ਮੁਹੱਈਆ ਕਰਵਾ ਸਕਦੇ ਹਾਂ । ਸਾਡੀ ਸਰਕਾਰ ਹਮੇਸ਼ਾ ਵਿਚਾਰ ਵਟਾਂਦਰੇ ਅਤੇ ਗੱਲਬਾਤ ਲਈ ਖੁੱਲੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਖੇਤੀਬਾੜੀ ਸੈਕਟਰ ਦੇ ਖਿਲਾਫ ਗਲਤ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਹਾਲੀਆ ਸੁਧਾਰ ਭਾਰਤ ਦੇ ਕਿਸਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਗਏ ਹਨ ।