Sukhbir Badal angry over : ਕੇਂਦਰ ਦੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੇ ਦਿੱਲੀ ਚਲੋ ਰੈਲੀ ਦੌਰਾਨ ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਬਾਰਡਰ ਸੀਲ ਕੀਤੇ ਗਏ ਅਤੇ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਹਾਲਾਂਕਿ ਕਿਸਾਨਾਂ ਨੇ ਸ਼ਾਂਤੀਪੂਰਨ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਦੀ ਇਸ ਕਾਰਵਾਈ ਨੇ ਉਨ੍ਹਾਂ ਨੂੰ ਹਮਲਾਵਰ ਹੋਣ ਨੂੰ ਮਜਬੂਰ ਕੀਤਾ। ਪੁਲਿਸ ਵੱਲੋਂ ਇਸ ਗੈਰ-ਲੋਕਤਾਂਤ੍ਰਿਕ ਕਦਮ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਰਿਆਣਾ ਸਰਕਾਰ ਅਤੇ ਕੇਂਦਰ ਦੀ ਸਖਤ ਨਿਖੇਧੀ ਕੀਤੀ ਅਤੇ ਉਨ੍ਹਾਂ ਨੇ ਅੱਜ ਦੇ ਦਿਨ ਨੂੰ ਪੰਜਾਬ ਦਾ 26/11 ਦੱਸਿਆ।
ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਲੋਕਤੰਤਰੀ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦਾ ਅੰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣਏ ਹੱਕਾਂ ਦੀ ਲੜਾਈ ਲੜਨ ਲਈ ਸ਼ਾਂਤਮਈ ਅੰਦੋਲਨ ਦਾ ਰਾਹ ਚੁਣਿਆ ਹੈ। ਪਰ ਪਾਣੀ ਦੀਆਂ ਬੌਛਾਰਾਂ ਕਰਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਪਰ ਇਸ ਨਾਲ ਵੀ ਕਿਸਾਨ ਰੁਕਣ ਵਾਲੇ ਨਹੀਂ ਹਨ, ਇਹ ਸਭ ਅੱਗੇ ਵਧਣ ਦੀ ਭਾਵਨਾ ਨੂੰ ਹੋਰ ਵੀ ਮਜ਼ਬੂਤ ਕਰੇਗਾ। ਦੱਸਣਯੋਗ ਹੈ ਕਿ ਪੁਲਿਸ ਨੇ ਵੀਰਵਾਰ ਨੂੰ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਦੇ ਇੱਕ ਸਮੂਹ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੌਛਾਰਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ।
ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦਿਆਂ ਸ਼ੰਭੂ ਬਾਰਡਰ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ, ਜਿੱਥੇ ਗੁੱਸੇ ਵਿਚ ਆਏ ਕਿਸਾਨਾਂ ਨੇ ਪੁਲਿਸ ਬੈਰੀਕੇਡਾਂਨੂੰ ਚੁੱਕ ਕੇ ਘੱਗਰ ਨਦੀ ਵਿੱਚ ਸੁੱਟ ਦਿੱਤਾ ਤੇ ਪੁਲਿਸ ਮੁਲਾਜ਼ਮਾਂ ‘ਤੇ ਵੀ ਪੱਥਰਬਾਜ਼ੀ ਕੀਤੀ ਗਈ । ਇਸ ਦੌਰਾਨ ਬਹੁਤ ਸਾਰੇ ਕਿਸਾਨ ਹੱਥਾਂ ਵਿੱਚ ਕਾਲੇ ਝੰਡੇ ਫੜੇ ਵੀ ਵੇਖੇ ਗਏ । ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਬਹੁਤ ਕੋਸ਼ਿਸ਼ਾਂ ਕੀਤੀਆਂ। ਇਸ ਦੇ ਨਾਲ ਹੀ ਕਿਸਾਨਾਂ ਦੇ ‘ਦਿੱਲੀ ਚੱਲੋ’ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਇੱਕ ਬਹੁਤ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਵੀ ਦਿੱਲੀ ਅਤੇ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ ‘ਤੇ ਤਾਇਨਾਤ ਕੀਤੇ ਗਏ ਹਨ ਅਤੇ ਸਾਵਧਾਨੀ ਵਜੋਂ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਮੈਟਰੋ ਸੇਵਾ ਬੰਦ ਕਰ ਦਿੱਤੀ ਗਈ ਹੈ । ਸਰਹੱਦ ਤੋਂ ਲੰਘਣ ਵਾਲੇ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਹਜ਼ਾਰਾਂ ਕਿਸਾਨ ਅੱਜ ਦਿੱਲੀ ਵਿੱਚ ਵਿਸ਼ਾਲ ਪ੍ਰਦਰਸ਼ਨ ਕਰਨਗੇ । ਇਸ ਦੇ ਨਾਲ ਹੀ ਪੁਲਿਸ ਵਿਰੋਧ ਕਰ ਰਹੇ ਇਨ੍ਹਾਂ ਕਿਸਾਨਾਂ ‘ਤੇ ਨਜ਼ਰ ਰੱਖਣ ਲਈ ਡਰੋਨਾਂ ਦਾ ਸਹਾਰਾ ਲੈ ਰਹੀ ਹੈ।