Sukhbir Badal announces : ਆਉਣ ਵਾਲੀਆਂ ਮਿਊਂਸਪਲ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਈ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਕੁਝ ਨੇ ਕਰਨਾ ਬਾਕੀ ਹੈ। ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਵੱਲੋਂ ਆਗਾਮੀ ਮਿਊਂਸਪਲ ਚੋਣਾਂ ਪਾਰਟੀ ਦੇ ਹੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ ਤੇ ਨਾਲ ਹੀ ਉਨ੍ਹਾਂ ਕਿਹਾ ਕਿ 5 ਜਨਵਰੀ ਤੱਕ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਸ. ਬਾਦਲ ਨੇ ਮੋਹਾਲੀ ਤੋਂ ਪਾਰਟੀ ਦੇ ਸਾਰੇ ਕੌਂਸਲਰਾਂ, ਅਹੁਦੇਦਾਰਾਂ ਤੇ ਸਾਬਕਾ ਕੌਂਸਲਰਾਂ ਨੂੰ ਕਿਹਾ ਕਿ ਉਹ 31 ਦਸੰਬਰ ਤੱਕ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਦੇਣ।
ਸ. ਸੁਖਬੀਰ ਬਾਦਲ ਨੇ ਮੋਹਾਲੀ ਵਿਖੇ ਹਾਲ ਹੀ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਨਾਲ ਹੀ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਮੋਹਾਲੀ ‘ਚ ਕਾਫੀ ਵਿਕਾਸ ਦੇ ਕੰਮ ਕਰਵਾਏ ਗਏ ਹਨ। ਉਨ੍ਹਾਂ ਨੇ ਮੋਹਾਲੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਕਰਾਰਾ ਸਬਕ ਸਿਖਾਉਣ ‘ਤੇ ਵੀ ਜ਼ੋਰ ਦਿੱਤਾ ਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਮੋਹਾਲੀ ਵਿਖੇ ਸਾਰੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਨ ਕੇ ਸ਼ਰਮਾ, ਕੁਲਵੰਤ ਸਿੰਘ, ਚਰਨਜੀਤ ਸਿੰਘ ਬਰਾੜ ਤੇ ਕੰਵਲਜੀਤ ਸਿੰਘ ਰੂਬੀ ਸ਼ਾਮਲ ਸਨ। ਇਸ ਤੋਂ ਇਲਾਵਾ ਪਾਰਟੀ ਦੇ ਸਾਰੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੀਟਿੰਗ ਵਿਚ ਹਾਜ਼ਰ ਸਨ। 1 ਜਨਵਰੀ ਨੂੰ ਮੀਟਿੰਗ ਕਰ ਕੇ ਉੁਮੀਦਵਾਰਾਂ ਦੀ ਸਕਰੀਨਿੰਗ ਕੀਤੀ ਜਾਵੇਗੀ।