SUKHBIR BADAL APPEALS : ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇਸੇ ਤੋਂ ਬਚਾਅ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਕਾਲ ਦੀ ਇਸ ਔਖੀ ਘੜੀ ਵਿਚ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਮਨੁੱਖਤਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਪਣੀ ਪਾਰਟੀ ਦੇ ਅੰਦਰ ਅਤੇ ਬਾਹਰ ਸਾਰਿਆਂ ਨੂੰ ਪੁਰਜ਼ੋਰ ਬੇਨਤੀ ਕਰਦਾ ਹਾਂ ਕਿ ਇਸ ਨਾਜ਼ੁਕ ਸਮੇਂ ਤੇ ਰਾਜਨੀਤੀ ਨੂੰ ਰੋਕਿਆ ਜਾਵੇ ਅਤੇ ਸਾਥੀ ਮਨੁੱਖਾਂ ਨੂੰ ਬਚਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਨਾ ਤਾਂ ਕੋਈ ਕਾਂਗਰਸ ਹੈ, ਨਾ ਕੋਈ ਸ਼੍ਰੋਮਣੀ ਅਕਾਲੀ ਦਲ ਤੇ ਨਾ ਹੀ ਕੋਈ ਆਪ ਤੇ ਬੀਜੇਪੀ ਹੈ। ਅਸੀਂ ਸਾਰੇ ਸਿਰਫ ਮਨੁੱਖ ਹਾਂ। ਅਜਿਹੇ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਤੇ ਕੋਰੋਨਾ ਵਰਗੀ ਮਹਾਮਾਰੀ ਨੂੰ ਹਰਾਉਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 8367 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਵਿੱਚ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ, ਜਿਥੇ 1465 ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਉਥੇ ਹੀ ਅੱਜ ਕੋਰੋਨਾ ਨਾਲ 165 ਲੋਕਾਂ ਦੀਆਂ ਮੌਤਾਂ ਹੋਈਆਂ।