ਕੇਂਦਰ ਵੱਲੋਂ ਪੰਜਾਬ ਵਿਚ ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਨੂੰ ਲੈ ਕੇ ਸਿਆਸਤ ਭਖ ਗਈ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬੀਰ ਬਾਦਲ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।
ਇਸ ਮੁੱਦੇ ਨੂੰ ਲੈ ਕੇ ਸੁਖਬੀਰ ਬਾਦਲ ਅਕਾਲੀ ਵਰਕਰਾਂ ਸਣੇ ਰਾਜ ਭਵਨ ਦਾ ਘਿਰਾਓ ਕਰਨ ਪੁੱਜ ਗਏ ਹਨ। ਉਨ੍ਹਾਂ ਨੇ ਬੀ. ਐੱਸ. ਐੱਫ. ਦੇ ਦਾਇਰੇ ਵਧਾਉਣ ਨੂੰ ਲੈ ਕੇ ਨਾਰਾਜ਼ਗੀ ਜਤਾਈ ਹੈ। ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਰਾਜਭਵਨ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ ਤੇ ਉੁਥੋਂ ਚੰਡੀਗੜ੍ਹ ਪੁਲਿਸ ਨੇ ਸੁਖਬੀਰ ਬਾਦਲ ਸਣੇ ਸਾਰੇ ਅਕਾਲੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ : ‘ਡਰੋਨ 50 ਕਿਲੋਮੀਟਰ ਤੱਕ ਮਾਰ ਕਰ ਸਕਦਾ ਤਾਂ ਵਧਾਇਆ BSF ਦਾ ਦਾਇਰਾ’- ਹਰਜੀਤ ਗਰੇਵਾਲ
ਇਸ ਮੌਕੇ ਸੁਖਬੀਰ ਬਾਦਲ ਨੇ ਗਜ ਕੇ ਕੇਂਦਰ ਦੇ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਬਣਾ ਕੇ ਸੂਬਿਆਂ ਦੇ ਅਧਿਕਾਰ ਖੇਤਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਹੁਣ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਕੇ ਸੰਘਵਾਦ ਢਾਂਚੇ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਸੂਬੇ ਦੀਆਂ ਆਪਣੀਆਂ ਜ਼ਰੂਰਤਾਂ ਹੁੰਦੀਆਂ ਹਨ ਜਿਨ੍ਹਾਂ ਬਾਰੇ ਕੇਂਦਰ ਨੂੰ ਨਹੀਂ ਪਤਾ। ਬਾਦਲ ਨੇ ਕਿਹਾ ਕਿ ਜੇਕਰ ਸਟੇਟਾਂ ਮਜ਼ਬੂਤ ਹੋਣਗੀਆਂ ਤਾਂ ਹੀ ਦੇਸ਼ ਮਜਬੂਤ ਹੋ ਸਕੇਗਾ।