ਮੋਹਾਲੀ : ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਭੇਦਭਾਵ ਕਰਨ ਦੀ ਨਿਖੇਧੀ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦਿੱਤਾ।
ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਇਹ ਐਲਾਨ ਉਦੋਂ ਕੀਤਾ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਉਨ੍ਹਾਂ ਦੇ ਧਰਨੇ ਦੀ ਵਾਲੀ ਥਾਂ ‘ਤੇ ਪਹੁੰਚੇ।
ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹੁਣ ਵੀ ਕਾਂਗਰਸ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕੁਝ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਧਰਨੇ ਵਾਲੀ ਥਾਂ ‘ਤੇ ਤੰਬੂ ਲਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਿਸ ਕਾਰਨ ਸਾਨੂੰ ਬਹੁਤ ਜ਼ਿਆਦਾ ਗਰਮੀ ਵਿੱਚ ਅੰਦੋਲਨ ਕਰਨਾ ਪੈ ਰਿਹਾ ਹੈ।
ਦੁਪਹਿਰ ਬਾਅਦ ਧਰਨੇ ਵਾਲੀ ਥਾਂ ‘ਤੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਅਤੇ ਹੋਰ ਕਰਮਚਾਰੀ ਯੂਨੀਅਨਾਂ ਨਾਲ ਗੱਲਬਾਤ ਕਰਨ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲੇ ਰੱਖੇ ਸਨ। ਇਹ ਮੰਦਭਾਗਾ ਹੈ ਕਿ ਮੌਜੂਦਾ ਸਰਕਾਰ ਦੇ ਦੌਰਾਨ ਆਂਗਣਵਾੜੀ ਵਰਕਰਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਇੱਥੋਂ ਤੱਕ ਕਿ ਉਨ੍ਹਾਂ ਵਿਰੁੱਧ ਝੂਠੇ ਕੇਸ ਵੀ ਦਰਜ ਕੀਤੇ ਗਏ।
ਇਹ ਵੀ ਪੜ੍ਹੋ : ਕੈਪਟਨ ਨੇ ਹਰੀਸ਼ ਰਾਵਤ ਨੂੰ ਦਿੱਤਾ ਕਰਾਰਾ ਜਵਾਬ- ਇਹ ਬੇਇਜ਼ਤੀ ਨਹੀਂ ਤਾਂ ਹੋਰ ਕੀ ਸੀ?
ਬਾਦਲ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਉਹ ਉਨ੍ਹਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਦੇਖੇਗੀ ਅਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾ ਰਿਹਾ ਮਾਣ-ਭੱਤਾ ਬਹੁਤ ਘੱਟ ਹੈ ਅਤੇ ਇਸ ਨੂੰ ਢੁਕਵੇਂ ਰੂਪ ਵਿੱਚ ਸੋਧਣ ਦੀ ਲੋੜ ਹੈ”। ਉਨ੍ਹਾਂ ਨੇ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੋਵਿਡ ਜੋਧਿਆਂ ਵਜੋਂ ਕੰਮ ਕੀਤਾ ਸੀ ਪਰ ਉਨ੍ਹਾਂ ਨੂੰ ਲੋੜੀਂਦੀ ਮਾਨਤਾ ਨਹੀਂ ਮਿਲੀ। ਇਸ ਮੌਕੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।