ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਸੁਖਬੀਰ ਬਾਦਲ ਨੇ ਕਿਹਾ ਕਿ “ਮੈਂ ਚਰਨਜੀਤ ਸਿੰਘ ਚੰਨੀ ਨੂੰ ਸੀਐਲਪੀ ਲੀਡਰ ਅਤੇ ਨਾਮਜ਼ਦ ਮੁੱਖ ਮੰਤਰੀ ਵਜੋਂ ਚੁਣੇ ਜਾਣ ‘ਤੇ ਵਧਾਈ ਦਿੰਦਾ ਹਾਂ।
ਜਮਹੂਰੀ ਪਰੰਪਰਾਵਾਂ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਤੇ ਮੈਂ ਉਨ੍ਹਾਂ ਨੂੰ ਉਸਾਰੂ ਭੂਮਿਕਾ ਨਿਭਾਉਣ ਦਾ ਭਰੋਸਾ ਦਿਵਾਉਂਦਾ ਹਾਂ ਅਤੇ ਆਸ ਕਰਦਾ ਹਾਂ ਕਿ ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਅਤੇ ਸਾਢੇ ਚਾਰ ਸਾਲਾਂ ਤੋਂ ਪੈਂਡਿੰਗ ਸਾਰੇ ਕਾਂਗਰਸ ਦੇ ਵਾਅਦਿਆਂ ਨੂੰ ਪੂਰਾ ਕਰਨ।
ਕਾਂਗਰਸ ਹਾਈਕਮਾਨ ਵੱਲੋਂ ਅੱਜ ਪੰਜਾਬ ਦੇ ਨਵੇਂ ਦਲਿਤ ਮੁੱਖ ਮੰਤਰੀ ਦਾ ਐਲਾਨ ਕੀਤਾ ਗਿਆ। ਉਥੇ ਹੀ ਸੁਖਜਿੰਦਰ ਰੰਧਾਵਾ ਤੇ ਬ੍ਰਹਮ ਮੋਹਿੰਦਰਾ ਨੂੰ ਡਿਪਟੀ ਸੀਐਮ ਬਣਾਏ ਜਾਣ ਦੀ ਖਬਰ ਹੈ।
ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਲਗਾਤਾਰ ਤਿੰਨ ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਬਣੇ। 2007 ਵਿੱਚ ਉਨ੍ਹਾਂ ਨੇ ਆਜ਼ਾਦ ਵਜੋਂ ਚੋਣ ਜਿੱਤੀ। ਇਸ ਤੋਂ ਬਾਅਦ ਉਹ ਦੋ ਵਾਰ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਬਣੇ। ਉਹ 2015 ਤੋਂ 2016 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਦਲਿਤ ਨੂੰ ਪੰਜਾਬ ਦਾ CM ਬਣਾਏ ਜਾਣ ‘ਤੇ ਹਾਈਕਮਾਨ ਨੂੰ ਕੀਤਾ ਪ੍ਰਣਾਮ, ਕਿਹਾ- ਇਤਿਹਾਸ ‘ਚ….
2017 ਵਿੱਚ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਬਣਾਇਆ ਗਿਆ ਸੀ। ਚੰਨੀ ਉਨ੍ਹਾਂ ਲੋਕਾਂ ਵਿੱਚੋਂ ਸਨ ਜਿਨ੍ਹਾਂ ਨੇ ਅਮਰਿੰਦਰ ਸਿੰਘ ਵਿਰੁੱਧ ਅਗਸਤ ਵਿੱਚ ਹੋਈ ਬਗਾਵਤ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਾਨੂੰ ਅਮਰਿੰਦਰ ਦੇ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਭਰੋਸਾ ਨਹੀਂ ਸੀ।