ਸੁਪਰੀਮ ਕੋਰਟ ਨੇ ਡਰਾ-ਧਮਕਾ ਕੇ ਜਾਂ ਲਾਲਚ ਦੇ ਕੇ ਧਰਮ ਪਰਿਵਰਤਨ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਇਕ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਜਬਰੀ ਧਰਮ ਪਰਿਵਰਤਨ ਨਾ ਸਿਰਫ਼ ਧਾਰਮਿਕ ਆਜ਼ਾਦੀ ਦੇ ਅਧਿਕਾਰ ਲਈ ਖ਼ਤਰਾ ਹੋ ਸਕਦਾ ਹੈ, ਸਗੋਂ ਦੇਸ਼ ਦੀ ਸੁਰੱਖਿਆ ਲਈ ਵੀ ਖਤਰਾ ਹੋ ਸਕਦਾ ਹੈ।
ਜਸਟਿਸ ਐਮਆਰ ਸ਼ਾਹ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਕੇਂਦਰ ਸਰਕਾਰ ਨੂੰ ਜਬਰੀ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਾਨੂੰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ 22 ਨਵੰਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਨਵੰਬਰ ਨੂੰ ਹੋਵੇਗੀ।
ਐਡਵੋਕੇਟ ਅਸ਼ਵਨੀ ਉਪਾਧਿਆਏ ਨੇ ਜਬਰੀ ਧਰਮ ਪਰਿਵਰਤਨ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਧਰਮ ਪਰਿਵਰਤਨ ਦੇ ਅਜਿਹੇ ਮਾਮਲਿਆਂ ਨੂੰ ਰੋਕਣ ਲਈ ਵੱਖਰਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ। ਜਾਂ ਇਸ ਅਪਰਾਧ ਨੂੰ ਭਾਰਤੀ ਦੰਡ ਵਿਧਾਨ (ਆਈ.ਪੀ.ਸੀ.) ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਮੁੱਦਾ ਕਿਸੇ ਇੱਕ ਥਾਂ ਨਾਲ ਸਬੰਧਤ ਨਹੀਂ ਹੈ, ਸਗੋਂ ਪੂਰੇ ਦੇਸ਼ ਦੀ ਸਮੱਸਿਆ ਹੈ, ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।
ਧਰਮ ਪਰਿਵਰਤਨ ਨੂੰ ਬਹੁਤ ਗੰਭੀਰ ਮੁੱਦਾ ਦੱਸਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਰੁਝਾਨ ਨੂੰ ਰੋਕਣ ਲਈ ਦਿਲੋਂ ਕੋਸ਼ਿਸ਼ ਕੀਤੀ ਜਾਵੇ। ਅਦਾਲਤ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਜ਼ਬਰਦਸਤੀ ਧਰਮ ਪਰਿਵਰਤਨ ਨੂੰ ਰੋਕਿਆ ਨਹੀਂ ਗਿਆ ਤਾਂ ਬਹੁਤ ਮੁਸ਼ਕਲ ਹਾਲਾਤ ਪੈਦਾ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਕੇਂਦਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਧਰਮ ਪਰਿਵਰਤਨ ਦੇ ਅਜਿਹੇ ਮਾਮਲੇ ਆਦਿਵਾਸੀ ਖੇਤਰਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲਦੇ ਹਨ। ਇਸ ‘ਤੇ ਅਦਾਲਤ ਨੇ ਉਨ੍ਹਾਂ ਨੂੰ ਪੁੱਛਿਆ ਕਿ ਜੇਕਰ ਅਜਿਹਾ ਹੈ ਤਾਂ ਸਰਕਾਰ ਕੀ ਕਰ ਰਹੀ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਂਦਰ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਇਸ ਮਾਮਲੇ ‘ਚ ਕੀ ਕਦਮ ਚੁੱਕੇ ਜਾਣੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਸੰਵਿਧਾਨ ਤਹਿਤ ਧਰਮ ਪਰਿਵਰਤਨ ਕਾਨੂੰਨੀ ਹੈ, ਪਰ ਜ਼ਬਰਦਸਤੀ ਧਰਮ ਪਰਿਵਰਤਨ ਕਾਨੂੰਨੀ ਨਹੀਂ ਹੈ।
ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਇਸ ‘ਤੇ 1950 ‘ਚ ਸੰਵਿਧਾਨ ਸਭਾ ‘ਚ ਚਰਚਾ ਹੋਈ ਸੀ ਅਤੇ ਸਰਕਾਰ ਵੀ ਇਸ ਮੁੱਦੇ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਬੰਧੀ ਜਲਦੀ ਹੀ ਆਪਣਾ ਜਵਾਬ ਦਾਖ਼ਲ ਕਰੇਗੀ।