Tarpals provided for : ਫ਼ਰੀਦਕੋਟ : ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਅਪ੍ਰੈਲ ਤੋਂ ਚੱਲ ਰਹੀ ਕਣਕ ਦੀ ਖ਼ਰੀਦ ਲਈ ਕੁੱਲ 68 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਇਨ੍ਹਾਂ ਸਾਰੇ ਖਰੀਦ ਕੇਂਦਰਾਂ ‘ਚ ਕਣਕ ਦੀ ਆਮਦ ,ਖਰੀਦ, ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਮੁਸ਼ਕਲ ਪੇਸ਼ ਆਉਂਦੀ ਹੈ ਅਧਿਕਾਰੀਆਂ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ ,ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਕੱਲ੍ਹ ਆਈ ਤੇਜ਼ ਬਾਰਿਸ਼ ਕਾਰਨ ਖਰੀਦ ਕੇਂਦਰਾਂ ਵਿਚ ਕਿਸਾਨਾਂ ਵੱਲੋਂ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕ ਲਿਆ ਗਿਆ ਜਿਸ ਕਾਰਨ ਕਣਕ ਭਿੱਜਣ ਤੋਂ ਬਚ ਗਈ।
ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 182015 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਦ ਕਿ ਮੰਡੀਆਂ ਵਿਚ ਕੁੱਲ 201878 ਮੀਟਰਕ ਟਨ ਕਣਕ ਦੀ ਆਮਦ ਹੋਈ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 75165 ਮੀਟਰਕ ਟਨ, ਮਾਰਕਫੈੱਡ ਵੱਲੋਂ 33875 ਮੀਟਰਕ ਟਨ, ਪਨਸਪ ਵੱਲੋਂ 39243 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 26980 ਮੀਟਰਕ ਟਨ, ਐਫ.ਸੀ.ਆਈ. ਵੱਲੋਂ 6752 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਮੰਡੀ ਬੋਰਡ ਵੱਲੋਂ ਜਿੱਥੇ ਕਿਸਾਨਾਂ ,ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਉਨ੍ਹਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਦੀ ਵੀ ਲਗਾਤਾਰ ਅਪੀਲ ਵੀ ਕੀਤੀ ਜਾ ਰਹੀ ਹੈ ।ਇਸ ਤੋਂ ਇਲਾਵਾ ਮੰਡੀ ਬੋਰਡ/ ਆੜ੍ਹਤੀਆਂ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਸਕ ਵੀ ਮੁਹੱਈਆ ਕਰਵਾਏ ਜਾ ਰਹੇ ਹਨ ।
ਮੰਡੀਆਂ ਵਿਚ ਕਿਸਾਨਾਂ ਵੱਲੋਂ ਆੜ੍ਹਤੀਆਂ , ਮੰਡੀ ਬੋਰਡ ਦੁਆਰਾ ਜਾਰੀ ਕੀਤੇ ਗਏ ਪਾਸਾਂ ਦੁਆਰਾ ਕਣਕ ਲਿਆਂਦੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਮਾਰਕ ਕੀਤੇ ਗਏ ਖਾਨਿਆਂ (ਬਾਕਸਾਂ) ਵਿੱਚ ਹੀ ਢੇਰੀ ਕੀਤਾ ਜਾਂਦਾ ਹੈ। ਸਾਰੇ ਹੀ ਖ਼ਰੀਦ ਕੇਂਦਰਾਂ ਵਿੱਚ ਸੈਨੀਟਾਈਜ਼ਰ, ਹੱਥ ਧੋਣ ਲਈ ਸਾਬਣ, ਪਾਣੀ ਆਦਿ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਮੰਡੀਆਂ ਵਿੱਚ ਆਉਣ ਵਾਲੀਆਂ ਸਮੂਹ ਧਿਰਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਕੋਵਿਡ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਕਿਸਾਨ ਆਪਣੀ ਵਾਰੀ ਅਤੇ ਪਾਸ ਅਨੁਸਾਰ ਹੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ।