The Center did : ਗ੍ਰਹਿ ਮੰਤਰਾਲੇ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਰੋਹ ਵਿਚ ਸ਼ਾਮਲ ਹੋਣ ਲਈ ਜਾਣ ਵਾਲੇ ਸਿੱਖ ਜਥਾ ਨੂੰ ਵੀਰਵਾਰ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। SGPC ਵੱਲੋਂ ਇਹ ਸਿੱਖ ਜਥਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਭੇਜਿਆ ਜਾ ਰਿਹਾ ਸੀ। ਬੀਬੀ ਜਗੀਰ ਕੌਰ ਵੱਲੋਂ ਕੇਂਦਰ ਦੇ ਇਸ ਕਦਮ ਦੀ ਨਿਖੇਧੀ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਵਨਾਵਾਂ ਦਾ ਕਤਲ ਹੋਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ’ਤੇ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ।
ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਇੱਕ ਪੱਤਰ ਭੇਜਿਆ ਗਿਆ ਹੈ ਜਿਸ ‘ਚ ਉਨ੍ਹਾਂ ਦੱਸਿਆ ਕਿ ਕੋਵਿਡ-19 ਕਾਰਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਜਿਸ ਕਾਰਨ ਇਹ ਰੋਕ ਲਗਾਈ ਗਈ ਹੈ। ਬੀਬੀ ਜਗੀਰ ਕੌਰ ਨੇ ਇਸ ਫੈਸਲੇ ਨੂੰ ਸਹੀ ਨਹੀਂ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਾਰੇ ਪ੍ਰਬੰਧ ਕਰ ਲਏ ਗਏ ਸਨ। ਉਨ੍ਹਾਂ ਕਿਹਾ ਕਿ ਸਾਰੀਆਂ ਤਿਆਰੀਆਂ ਹੋਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਜਿਹੀ ਰੋਕ ਲਗਾਈ ਜਾਣੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਸਿੱਖ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ। ਬੱਸਾਂ ਤੋਂ ਇਲਾਵਾ ਧਾਰਮਿਕ ਸਮਾਗਮਾਂ ‘ਚ ਲੰਗਰ ਵਗੈਰਾ ਆਦਿ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ।