ਚੰਡੀਗੜ੍ਹ : ਝੁੱਗੀ-ਝੌਂਪੜੀ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪੋ੍ਗਰਾਮ ਬਸੇਰਾ
ਤਹਿਤ ਛੇ ਜ਼ਿਲ੍ਹਿਆਂ ਵਿਚ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਪ੍ਰਵਾਨਗੀ ਅੱਜ ਇੱਥੇ ਬਸੇਰਾ ਯੋਜਨਾ ਤਹਿਤ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੰਚਾਲਨ ਕਮੇਟੀ ਦੀ ਤੀਸਰੀ ਮੀਟਿੰਗ ਵਿੱਚ ਦਿੱਤੀ ਗਈ। ਸ਼ਹਿਰੀ ਖੇਤਰਾਂ ਵਿੱਚ ਸੂਬਾਈ ਸਰਕਾਰ ਦੀ ਜ਼ਮੀਨ ਤੇ ਝੁੱਗੀਆਂ ਝੌਂਪੜੀਆਂ
‘ਚ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।
ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਜਿਹੜੇ 1996 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ ਉਹ ਪਟਿਆਲਾ, ਲੁਧਿਆਣਾ, ਮਾਨਸਾ, ਫਿਰੋਜ਼ਪੁਰ, ਬਰਨਾਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਬਣੀਆਂ 24 ਝੁੱਗੀ ਝੌਂਪੜੀ ਵਾਲੀਆਂ ਥਾਵਾਂ `ਤੇ ਰਹਿ ਰਹੇ ਹਨ।
ਬਸੇਰਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸਰਵੇਖਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 11,000 ਹੋਰ ਝੁੱਗੀਆਂ ਝੌਂਪੜੀ ਵਾਲਿਆਂ ਨੂੰ ਮਾਲਕੀ ਅਧਿਕਾਰ ਦੇਣ ਦੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾ ਸਕੇ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਾਰੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਯੋਗ ਲਾਭਪਾਤਰੀਆਂ ਦੀ ਪਛਾਣ ਵਾਸਤੇ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਮਾਲਕੀ ਅਧਿਕਾਰ ਦਿੱਤੇ ਜਾ ਸਕਣ।
ਇਹ ਵੀ ਪੜ੍ਹੋ : ਸਿੱਖਿਆ ਖੇਤਰ ‘ਚ ਟੌਪ ਕਰਨ ‘ਤੇ ਸਿਸੋਦੀਆ ਦੇ ਦੋਸ਼ਾਂ ‘ਤੇ ਕੈਪਟਨ ਦਾ ਕਰਾਰਾ ਜਵਾਬ- ਇਹ ‘ਅੰਗੂਰ ਖੱਟੇ ਹਨ’ ਦਾ ਮਾਮਲਾ
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਕੇ.ਏ.ਪੀ. ਸਿਨ੍ਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਵੇਕ ਪ੍ਰਤਾਪ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।