ਬਠਿੰਡਾ ਵਿਖੇ ਕਿਸਾਨ ਯੂਨੀਅਨ ਨੇ ਸੋਮਵਾਰ ਨੂੰ ਡੀ. ਸੀ. ਦਫਤਰ ਦੇ ਬਾਹਰ ਪਰਾਲੀ ਦੇ ਢੇਰ ਲਗਾ ਦਿੱਤੇ। ਪੰਜਾਬ ਸਰਕਾਰ ਵੱਲੋਂ ਪਰਾਲੀ ਦਾ ਕੋਈ ਪੱਕਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਮਦਦ ਦਿੱਤੀ ਜਾ ਰਹੀ ਜਿਸ ਕਾਰਨ ਮਜਬੂਰੀ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜੇਕਰ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਵੇ ਤਾਂ ਉਹ ਪਰਾਲੀ ਨਹੀਂ ਸਾੜਨਗੇ। ਇਸੇ ਲਈ ਅੱਜ ਡੀਸੀ ਦਫਤਰ ਅੱਗੇ ਪਰਾਲੀ ਦੇ ਢੇਰ ਲਗਾ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨ ਨੇਤਾ ਅਮਰਜੀਤ ਸਿੰਘ ਹਨੀ ਨੇ ਦੱਸਿਆ ਕਿ ਹਰੇਕ ਕਿਸਾਨ ਪਰਿਵਾਰ ਸਿਰਫ 30 ਰੁਪਏ ਦਿਹਾੜੀ ਦੇ ਹਿਸਾਬ ਨਾਲ ਕਮਾਉਂਦਾ ਹੈ ਜਿਸ ਤੋਂ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸਾਨ ਕਿਉਂ ਖੁਦਕੁਸ਼ੀਆਂ ਕਰਨ ਨੂੰ ਮਜਬੂਰ ਹੋ ਰਹੇ ਹਨ।
ਇੱਕ ਪਾਸੇ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾ ਰਿਹਾ ਤੇ ਦੂਜੇ ਪਾਸੇ ਪੂੰਜੀਪਤੀਆਂ ਨੂੰ ਖੇਤੀ ਖੇਤਰ ਵਿਚ ਆਉਣ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਕਾਰਨ ਕਿਸਾਨ ਦੋਹਰੀ ਮਾਰ ਝੱਲ ਰਹੇ ਹਨ। ਹਨੀ ਨੇ ਕਿਹਾ ਕਿ ਬਿਨਾਂ ਸਰਕਾਰੀ ਮਦਦ ਦੇ ਪਰਾਲੀ ਦਾ ਪ੍ਰਬੰਧ ਨਹੀਂ ਕੀਤਾ ਜਾ ਸਕਦਾ। ਜਦੋੰ ਤੱਕ ਸਰਕਾਰ ਸਹਾਇਤਾ ਨਹੀਂ ਦਿੰਦੀ ਉਦੋਂ ਤੱਕ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦਿੱਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : NRI’s ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜ਼ਮੀਨਾਂ ਲਈ ਬਣਿਆ ਇਹ ਕਾਨੂੰਨ
ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜੁਰਮਾਨੇ ਤਾਂ ਕਰ ਹੀ ਰਹੀ ਹੈ ਤੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਕਿਸਾਨ ਦੇ ਹੱਕ ਵਿਚ ਦਿੱਤੇ ਗਏ ਫੈਸਲਿਆਂ ਨੂੰ ਵੀ ਲਾਗੂ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸੰਭਾਲਣ ਲਈ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।