The next hearing : ਸੁਖਪਾਲ ਸਿੰਘ ਖਹਿਰਾ ਵਿਧਾਇਕ ਭੁਲੱਥ ਦੇ ਘਰ ‘ਤੇ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਦਿੱਲੀ ਪੇਸ਼ ਹੋਣ ਲਈ ਸੰਮਨ ਵੀ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਸੁਖਪਾਲ ਖਹਿਰਾ ਦੇ ਦਿੱਲੀ ਰਹਿੰਦੇ ਜਵਾਈ ਦੀ ਰਿਹਾਇਸ਼ ‘ਤੇ ਵੀ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਈਡੀ ਵੱਲੋਂ ਭੇਜੇ ਗਏ ਸੰਮਨਾਂ ਨੂੰ ਚੁਣੌਤੀ ਦਿੰਦੇ ਹੋਏ ਸੁਖਪਾਲ ਖਹਿਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ । ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋ ਗਈ ਹੈ ਤੇ ਅਗਲੀ ਸੁਣਵਾਈ 24 ਮਾਰਚ ਨੂੰ ਹੋਣੀ ਹੈ।
ਦੱਸਣਯੋਗ ਹੈ ਕਿ ਇਹ ਸੰਮਨ ਈਡੀ ਦੇ ਸਹਾਇਕ ਨਿਰਦੇਸ਼ਕ ਰਾਜਾ ਰਾਮ ਮੀਨਾ ਦੁਆਰਾ ਜਾਰੀ ਕੀਤੇ ਗਏ ਹਨ, ਜੋ ਮਨੀ ਲਾਂਡਰਿੰਗ ਰੋਕੂ ਐਕਟ (PMLA) ਦੀਆਂ ਧਾਰਾਵਾਂ ਤਹਿਤ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਮੀਨਾ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਿਹਾ ਹੈ ਕਿ ਉਹ ਈਡੀ ਦੇ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ। ਉਨ੍ਹਾਂ ਨੂੰ ਆਪਣੇ ਨਾਲ ਕੁੱਝ ਦਸਤਾਵੇਜ਼ ਲਿਆਉਣ ਲਈ ਵੀ ਕਿਹਾ ਗਿਆ ਹੈ, ਜਿਸਦੀ ਇੱਕ ਸੂਚੀ ਵੀ ਦਿੱਤੀ ਗਈ ਹੈ। ਖਹਿਰਾ ਦੇ ਪੀਏ ਮਨੀਸ਼ ਕੁਮਾਰ ਅਤੇ ਉਨ੍ਹਾਂ ਦੇ ਜਵਾਈ ਇੰਦਰਵੀਰ ਸਿੰਘ ਜੌਹਲ ਨੂੰ ਵੀ 16 ਮਾਰਚ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ।
ਦੱਸਣਯੋਗ ਹੈ ਕਿ 9 ਮਾਰਚ ਨੂੰ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁਲੱਥ ਤੋਂਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਵਿੱਚ ਸੈਕਟਰ-5 ਸਥਿਤ ਘਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ। ਇਹ ਰੇਡ ਸਵੇਰੇ ਲਗਭਗ 7.30 ਵਜੇ ਦੇ ਕਰੀਬ ਮਾਰੀ ਗਈ। ਈਡੀ ਦੀ ਰੇਡ ਤੋਂ ਬਾਅਦ ਖ਼ਹਿਰਾ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਯੂ.ਏ.ਪੀ.ਏ. ਦਾ ਵਿਰੋਧ ਕਰਨ, ਕਿਸਾਨ ਅੰਦੋਲਨ ਨਾਲ ਖੜ੍ਹੇ ਹੋਣ, ਉੱਤਰ ਪ੍ਰਦੇਸ਼ ਦੇ ਕਿਸਾਨ ਨਵਰੀਤ ਸਿੰਘ ਦੇ ਮਾਮਲੇ ਵਿੱਚ ਜਾਂਚ ਕਰਵਾਉਣ ਲਈ ਆਵਾਜ਼ ਉਠਾਉਣ ਕਰਕੇ ਉਨ੍ਹਾਂ ਨੂੰ ਕੇਂਦਰ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।