ਚੰਡੀਗੜ੍ਹ : ਭਾਰਤ ਸਰਕਾਰ ਨੇ ਅੱਜ ਪੰਚਾਇਤੀ ਰਾਜ ਦਿਵਸ ‘ਤੇ ਦੇਸ਼ ਦੀਆਂ ਸਰਵੋਤਮ ਕਾਰਗੁਜ਼ਾਰੀ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ ਦੀ ਪੱਲੀ ਗ੍ਰਾਮ ਪੰਚਾਇਤ ‘ਚ ਆਯੋਜਿਤ ਇਕ ਸਮਾਰੋਹ ਦੌਰਾਨ ਰਾਸ਼ਟਰੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।
ਹਰ ਸਾਲ ਇਸ ਮੌਕੇ ‘ਤੇ, ਪੰਚਾਇਤੀ ਰਾਜ ਮੰਤਰਾਲਾ ਦੇਸ਼ ਭਰ ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੀਆਂ ਪੰਚਾਇਤਾਂ/ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੰਚਾਇਤਾਂ ਦੀ ਪ੍ਰੋਤਸਾਹਨ ਯੋਜਨਾ ਦੇ ਤਹਿਤ ਸੇਵਾਵਾਂ ਅਤੇ ਜਨਤਕ ਵਸਤੂਆਂ ਦੀ ਡਿਲੀਵਰੀ ਵਿੱਚ ਸੁਧਾਰ ਲਈ ਉਨ੍ਹਾਂ ਦੇ ਚੰਗੇ ਕੰਮ ਦੇ ਸਨਮਾਨ ਵਿੱਚ ਸਨਮਾਨਿਤ ਕਰਦਾ ਰਿਹਾ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਰਾਜ ਦੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਦੀਆਂ ਕਈ ਪੰਚਾਇਤੀ ਰਾਜ ਸੰਸਥਾਵਾਂ ਪਿਛਲੇ ਕਈ ਸਾਲਾਂ ਤੋਂ ਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਮੁਕਾਬਲਿਆਂ ਵਿੱਚ ਪੰਜਾਬ ਦੀਆਂ ਹੋਰ ਪੰਚਾਇਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਧਾਲੀਵਾਲ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ (DDUPSP), ਨਾਨਾਜੀ ਦੇਸ਼ਮੁਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ (NDRGGSP), ਬਾਲ-ਅਨੁਕੂਲ ਗ੍ਰਾਮ ਪੰਚਾਇਤ ਪੁਰਸਕਾਰ (CFGPA), ਗ੍ਰਾਮ ਪੰਚਾਇਤ ਵਿਕਾਸ ਯੋਜਨਾ (GPDP) ਪੁਰਸਕਾਰ ਆਦਿ ਵੱਖ-ਵੱਖ ਸ਼੍ਰੇਣੀਆਂ ਤਹਿਤ ਪੁਰਸਕਾਰ ਦਿੱਤੇ ਗਏ। ਮੰਤਰੀ ਨੇ ਅੱਗੇ ਕਿਹਾ ਕਿ ਭਲਕੇ ਵਿਕਾਸ ਭਵਨ, ਮੋਹਾਲੀ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੀਆਂ ਪੁਰਸਕਾਰ ਜੇਤੂ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।