The Punjab Government : ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਰਫ ਐਨ.ਸੀ.ਈ.ਆਰ.ਟੀ./ ਸੀ.ਆਈ.ਐਸ.ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨੇਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।
ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨੇਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਸਬੰਧ ਵਿੱਚ ਮਿਲੀਆਂ ਸ਼ਿਕਾਇਤਾਂ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ/ਇਤਰਾਜ਼ਹੀਣਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।