The Punjab Government : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸਰੂਮ ਬਣਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਰਾਹੀਂ ਸਿੱਖਿਆ ਪ੍ਰਦਾਨ ਕਰਨਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ 6,180 ਸਰਕਾਰੀ ਸਕੂਲਾਂ ਨੂੰ ਕਲਾਸਰੂਮਜ਼ ਲਈ ਐਲ.ਈ.ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਸੁਧਾਰਾਂ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਕਾਫੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਆ ਹੈ ਤੇ ਨਾਲ ਹੀ ਹੁਣ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ‘ਚ ਵਧਣ ਲੱਗਾ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿਲੇਬਸ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਸ਼ਾਮਲ ਹਨ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਸਕ੍ਰੀਨਜ਼ ਖਰੀਦਣ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਿੱਖਿਆ ਵਿਭਾਗ ਵੱਲੋਂ ਐੱਲ.ਈ.ਡੀ. ਸਕਰੀਨਜ਼ ਲਈ ਪ੍ਰਤੀ ਸਕੂਲ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਐੱਲ.ਈ.ਡੀ. ਸਕਰੀਨਜ਼ ਖਰੀਦਣ ਲਈ ਸਕੂਲ ਪੱਧਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨਾਂ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਿਜੀਟਲ ਸਕਰੀਨਜ਼ ਖਰੀਦਣ ਉਪਰੰਤ ਇਸ ਦੀ ਸਹੀ ਵਰਤੋਂ ਲਈ ਸਕਰੀਨ ਸਹੀ ਥਾਂ ’ਤੇ ਲਗਾਈ ਜਾਵੇ ਅਤੇ ਇਸ ਦੀ ਸਾਂਭ-ਸੰਭਾਲ ਲਈ ਦਾ ਵੀ ਉਚਿਤ ਪ੍ਰਬੰਧ ਕੀਤਾ ਜਾਵੇ। ਵਿਦਿਆਰਥੀਆਂ ਨੂੰ ਵੀ ਐੱਲ. ਈ. ਡੀਜ਼. ਦੀ ਮੁਕੰਮਲ ਵਰਤੋਂ ਕਰਵਾਉਣੀ ਯਕੀਨੀ ਬਣਾਈ ਜਾਵੇ।