There is no : ਅੰਮ੍ਰਿਤਸਰ ਜ਼ਿਲੇ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ ਅਤੇ ਆਕਸੀਜਨ ਦੀ ਸਪਲਾਈ ਨਿਰੰਤਰ ਜਾਰੀ ਹੈ ਅਤੇ ਲੋਕਾਂ ਨੂੰ ਘਬਰਾਹਟ ਵਿਚ ਆਉਣ ਦੀ ਕੋਈ ਲੋੜ ਨਹੀ, ਜ਼ਿਲਾ ਪ੍ਰਸਾਸ਼ਨ ਵਲੋ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਕੋਵਿਡ-19 ਦੀ ਰੀਵਿਊ ਮੀਟਿੰਗ ਕਰਨ ਪਿਛੋਂ ਕੀਤਾ।ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ਼: ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸੂ ਅਗਰਵਾਲ, ਸਿਵਲ ਸਰਜਨ ਡਾ: ਚਰਨਜੀਤ ਸਿੰਘ ਅਤੇ ਪਿ੍ਰੰਸੀਪਲ ਮੈਡੀਕਲ ਕਾਲਜ ਸ਼੍ਰੀ ਰਜੀਵ ਦੇਵਗਨ ਹਾਜ਼ਰ ਸਨ। ਰੀਵਿਊ ਮੀਟਿੰਗ ਦੋਰਾਨ ਸ਼੍ਰੀ ਸੋਨੀ ਨੇ ਦੱਸਿਆ ਕਿ ਜ਼ਿਲੇ ਵਿਚ ਆਕਸੀਜਨ ਦੀ ਥੋੜੀ ਕਮੀ ਆਈ ਸੀ ਜਿਸ ਨੂੰ ਤੁਰੰਤ ਹਲ ਕਰ ਦਿੱਤਾ ਗਿਆ ਹੈ ਅਤੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ਨਿਰੰਤਰ ਚਾਲੂ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਦੂਜੀ ਲਹਿਰ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਕੇਵਲ ਪੰਜਾਬ ਵਿਚ ਹੀ ਨਹੀਂ ਪੂਰੇ ਦੇਸ਼ ਵਿਚ ਕੋਰੋਨਾਂ ਦੀ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 53 ਲੱਖ ਦੇ ਕਰੀਬ ਲੋਕਾਂ ਦੇ ਕੋਵਿਡ-19 ਦੇ ਟੈਸਟ ਕੀਤੇ ਗਏ ਹਨ,ਜ਼ਿਨਾਂ ਵਿਚੋ 175726 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ ਹਨ ਅਤੇ 2442 ਵਿਅਕਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਅੰਮ੍ਰਿਤਸਰ ਜ਼ਿਲੇ ਦੀ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ 1629271 ਵਿਅਕਤੀਆਂ ਦੇ ਟੈਸਟ ਹੋਏ ਹਨ,ਜ਼ਿਨਾਂ ਵਿਚ 50080 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ ਹਨ ਅਤੇ 918 ਵਿਅਕਤੀਆਂ ਦੀ ਮੋਤ ਹੋਈ ਹੈ ।
ਸ਼੍ਰੀ ਸੋਨੀ ਨੇ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਹੋਏ ਹਨ ਅਤੇ ਰੋਜਾਨਾ 35000 ਤੋਂ ਵੱਧ ਲੋਕਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜਿਲੇ ਵਿੱਚ ਰੋਜਾਨਾ 8000 ਤੋਂ ਵੱਧ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜਿਲੇ ਵਿੱਚ ਹੁਣ ਤੱਕ 2,15,686 ਵਿਅਕਤੀਆਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਚੁਕੀ ਹੈ ਅਤੇ ਰੋਜਾਨਾ 7000 ਤੋਂ ਵੱਧ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੀ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਂਵਾਂ ‘ਤੇ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।
ਸ਼੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ 45 ਸਾਲ ਤੋਂ ਉਪਰ ਉਮਰ ਵਾਲੇ ਵਿਅਕਤੀ ਨੂੰ ਕੋਰੋਨਾ ਟੀਕਾ ਜਰੂਰ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਸਾਡੀ ਛੋਟੀ ਜਿਹੀ ਲਾਪਰਵਾਹੀ ਕੋਰੋਨਾ ਮਹਾਂਮਾਰੀ ਨੂੰ ਫੈਲਾਅ ਰਹੀ ਹੈ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਤੋਂ ਜਿਆਦਾ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਸ੍ਰੀ ਸੋਨੀ ਨੇ ਕਿਹਾ ਕਿ ਜਿਸ ਤਰਾਂ ਅਸੀਂ ਸਭ ਨੇ ਮਿਲ ਕੇ ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਤੇ ਜਿੱਤ ਪ੍ਰਾਪਤ ਕੀਤੀ ਸੀ ਉਸੇ ਤਰ੍ਹਾਂ ਹੀ ਸਾਨੂੰ ਸਭ ਨੂੰ ਮਾਸਕ ਦੀ ਵਰਤੋਂ, ਹੱਥਾਂ ਨੂੰ ਬਾਰ ਬਾਰ ਧੋਣਾ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ, ਭੀੜ ਭੜੱਕੇ ਵਾਲੀਆਂ ਥਾਂਵਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਦੂਜੀ ਲਹਿਰ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।