ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਲਕੇ ਸੋਮਵਾਰ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ, ਜਿਸ ਲਈ ਪੰਜਾਬ ਸਣੇ ਪੂਰੇ ਦੇਸ਼ ਵਾਸੀਆਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਚੱਲਦਿਆਂ ਕਈ ਮਜ਼ਦੂਰ, ਸਮਾਜਿਕ, ਵਿਦਿਆਰਥੀ, ਸਿੱਖ ਤੇ ਹੋਰ ਜਥੇਬੰਦੀਆਂ ਨੇ ਕਿਸਾਨਾਂ ਨੂੰ ਪੂਰਾ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਬੰਦ ਵਿੱਚ ਮੁਜ਼ਾਹਰਿਆਂ ਵਿੱਚ ਵੱਡਾ ਪ੍ਰਦਰਸ਼ਨ ਹੋਣ ਦੀ ਸੰਭਾਲਨਾ ਹੈ।
ਪੰਜਾਬ ਪੁਲਿਸ ਨੇ ਵੀ ਸੂਬੇ ਵਿੱਚ ਕੱਲ੍ਹ ਵੱਖ-ਵੱਖ ਥਾਵਾਂ ‘ਤੇ ਹੋ ਰਹੇ ਮੁਜ਼ਾਹਰਿਆਂ ਲਈ ਤਿਆਰੀਆਂ ਕੱਸ ਲਈਆਂ ਹਨ। ਸੂਬੇ ਵਿੱਚ ਰੇਲਵੇ ਟਰੈਕ ਤੇ ਸੜਕਾਂ ਕਿਸਾਨਾਂ ਵੱਲੋਂ ਜਾਮ ਕੀਤੇ ਜਾਣਗੇ। ਇਸ ਦੇ ਚੱਲਦਿਆਂ ਜਿਨ੍ਹਾਂ ਥਾਵਾਂ ‘ਤੇ ਪ੍ਰਦਰਸ਼ਨ ਵਿੱਚ ਇਕੱਠ ਹੋਣ ਦੀ ਸੰਭਾਵਨਾ ਹੈ ਉਸ ਦਾ ਵੇਰਵਾ ਪੰਜਾਬ ਪੁਲਿਸ ਵੱਲੋਂ ਸਾਂਝਾ ਕੀਤਾ ਗਿਆ ਹੈ, ਤਾਂਜੋ ਲੋਕਾਂ ਨੂੰ ਮੁਸ਼ਕਲ ਨਾ ਹੋਵੇ। ਜੇਕਰ ਕਿਸੇ ਨੂੰ ਐਮਰਜੈਂਸੀ ਵਿੱਚ ਘਰੋਂ ਨਿਕਲਣ ਵੀ ਪਏ ਤਾਂ ਉਹ ਇਨ੍ਹਾਂ ਰਸਤਿਆਂ ਤੋਂ ਨਾ ਨਿਕਲੇ।
ਬੰਦ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੀਆਈਡੀ ਯੂਨਿਟਸ ਨੂੰ ਜਥੇਬੰਦੀਆਂ ਤੇ ਆਗੂਆਂ ‘ਤੇ ਪੂਰੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਜੇਕਰ ਮੁਜ਼ਾਹਰਿਆਂ ਦੌਰਾਨ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਸਰਗਰਮੀ ਹੁੰਦੀ ਹੈ ਤਾਂ ਤੁਰੰਤ ਪੁਲਿਸ ਹੈੱਡਕੁਆਰਟਰ ਵਿੱਚ ਸੂਚਿਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸਥਿਤੀ ਨੂੰ ਕਾਬੂ ਵਿੱਚ ਪਾਇਆ ਜਾ ਸਕੇ।
ਦੱਸਣਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ। ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਇੱਕ ਵਾਰ ਫਿਰ ਕਿਸਾਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ : CM ਚੰਨੀ ਲੈਣਗੇ ਨਰਮੇ ਦੀ ਤਬਾਹ ਹੋਈ ਫਸਲ ਦਾ ਜਾਇਜ਼ਾ, ਡਿਪਟੀ CM ਨਾਲ ਬਠਿੰਡਾ ਲਈ ਹੋਏ ਰਵਾਨਾ
ਇਸ ਬੰਦ ਲਈ ਸੰਯੁਕਤ ਕਿਸਾਨ ਵੱਲੋਂ ਹਰ ਭਾਰਤੀ ਨਾਗਰਿਕਾਂ ਨੂੰ ਮੋਦੀ ਸਰਕਾਰ ਵਿਰੁੱਧ ਇਤਿਹਾਸਕ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਵਿਸ਼ੇਸ਼ ਤੌਰ ‘ਤੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ।