This order issued by Deputy Commissioner : ਮਾਨਸਾ ਜ਼ਿਲੇ ਵਿਚ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਵੱਲੋਂ ਫੌਜਦਾਰੀ ਸਜ਼ਾ ਜ਼ਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਕਚਹਿਰੀ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਅਤੇ ਧਰਨਾ ਆਦਿ ’ਤੇ ਬੈਠਣ ’ਤੇ ਪਾਬੰਦੀ ਲਗਾਈ ਹੈ।
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਰਿਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਇਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੁੰਦੀ ਹੈ।
ਇਕ ਹੋਰ ਹੁਕਮ ਜਾਰੀ ਕਰਦੇ ਹੋਏ ਉਨ੍ਹਾਂ ਨੇ ਮਾਨਸਾ ਜ਼ਿਲੇ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋੰ ਬਾਅਦ ਅਤੇ ਸਵੇਰੇ ਸੂਰਜ ਚੜ੍ਹਣ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ ’ਤੇ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊਵੰਸ਼ ਦੀ ਰਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਮਹਿਕਮਾ ਕੋਲ ਜਾ ਕੇ ਰਜਿਸਟਰ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਘਰਾਂ ਵਿਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਖੁੱਲ੍ਹੇ ਛੱਡਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਡੀਸੀ ਨੇ ਅੱਗੇ ਫੌਜਦਾਰੀ ਸਜ਼ਾ ਜ਼ਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਇਹ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਕਿਰਾਏ ’ਤੇ ਮਕਾਨ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਪੂਰਾ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌੰਕੀ ਵਿਚ ਤੁਰੰਤ ਦਰਜ ਕਰਵਾਉਣ।