ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਮਾਲ ਵਿੰਗ ਬਟਾਲਾ ਸਰਕੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 4500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਦੂਜੇ ਪਾਸੇ ਵਿਜੀਲੈਂਸ ਨੇ ਮਾਨਸਾ ਜ਼ਿਲ੍ਹੇ ਵਿੱਚ ਰਜਿਸਟਰੀ ਕਲਰਕ ਤੇ ਚੌਂਕੀਦਾਰ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਸਵੰਤ ਸਿੰਘ, ਪਟਵਾਰੀ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਂਕ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਜ਼ਮੀਨ ਦੀ ਬੋਲੀ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਉਸਦੀ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਰੁਪਏ ਸਣੇ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਅਤੇ ਦਾਗ਼ੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੱਕ ਹੋਰ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ ਗੁਰਪ੍ਰਕਾਸ਼ ਸਿੰਘ ਅਤੇ ਚੌਕੀਦਾਰ ਮੰਗਤ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਕੈਨੇਡਾ : ਟੋਰਾਂਟੋ ‘ਚ ਹਿੰਦੂ ਮੰਦਰ ਦੀ ਭੰਨਤੋੜ, ਕੰਧਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਅਰੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ ਜ਼ਿਲ੍ਹਾ ਮਾਨਸਾ ਦੇ ਪਿੰਡ ਬੁਰਜ ਭਲੀਆ ਦੇ ਵਾਸੀ ਬਹਾਦਰ ਸਿੰਘ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਕਲਰਕ ਉਸ ਦੀ ਜਾਇਦਾਦ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ 5,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 2,000 ਰੁਪਏ ਵਿੱਚ ਤੈਅ ਹੋ ਗਿਆ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਇਸੇ ਕੰਮ ਲਈ ਨਾਇਬ ਤਹਿਸੀਲਦਾਰ ਝੁਨੀਰ ਨੂੰ ਪਹਿਲਾਂ ਹੀ 15,000 ਰੁਪਏ ਅਦਾ ਕਰ ਚੁੱਕਾ ਹੈ। ਵਿਜੀਲੈਂਸ ਟੀਮ ਨੇ ਉਸ ਦੀ ਇਤਲਾਹ ‘ਤੇ ਪੜਤਾਲ ਕਰਨ ਉਪਰੰਤ ਜਾਲ ਵਿਛਾ ਕੇ ਦੋਸ਼ੀ ਚੌਕੀਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਜਿਸਟਰੀ ਕਲਰਕ ਦੀ ਤਰਫੋਂ ਸ਼ਿਕਾਇਤਕਰਤਾ ਕੋਲੋਂ ਦੋ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਇਸ ਮਾਮਲੇ ਵਿੱਚ ਦੋਸ਼ੀ ਰਜਿਸਟਰੀ ਕਲਰਕ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।