Three Punjab men : ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦਰਮਿਆਨ ਬਹੁਤ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਜੇਲ੍ਹਾਂ ‘ਚ ਬੰਦ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਇਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ‘ਚੋਂ ਪੰਜਾਬ ਦੇ 3 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਸ਼ਿਕਾਇਤ ਜਿਹੜੀ ਕਿ ਬਾਬਾ ਹਰੀਦਾਸ ਪੁਲਿਸ ਸਟੇਸ਼ਨ ਦੀ ਸੀ, ਜਿਸ ‘ਚ ਲਵਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਮਾਨਸਾ ਤੋਂ, ਰਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਮਾਨਸਾ ਤੋਂ ਤੇ ਜਸਵਿੰਦਰ ਸਿੰਘ ਪੁੱਤਰ ਭੂਰਾ ਸਿੰਘ ਮਾਨਸਾ ਤੋਂ ਸਨ। ਇਨ੍ਹਾਂ ਤਿੰਨਾਂ ਦੀ ਜ਼ਮਾਨਤ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਭੁੱਲਰ ਦੇ ਅਣਥੱਕ ਯਤਨਾਂ ਸਦਕਾ ਸੰਭਵ ਹੋ ਸਕੀ ਹੈ।
ਮਾਨਸਾ ਦੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਕੱਲ੍ਹ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਮੈਂ ਇਨ੍ਹਾਂ ਦੇ ਪਰਿਵਾਰ ਨੂੰ ਬੇਨਤੀ ਕਰਦਾ ਹਾਂ ਕਿ ਸਾਡੇ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਇਨ੍ਹਾਂ ਨੂੰ ਰਿਹਾਅ ਕੀਤਾ ਜਾ ਸਕੇ। ਸ. ਗੁਰਮੇਲ ਸਿੰਘ ਤੇ ਸ. ਜੀਤ ਸਿੰਘ ਇਨ੍ਹਾਂ ਦੋਵਾਂ ਦੀ ਵੀ ਜ਼ਮਾਨਤ ਲਈ ਅਰਜ਼ੀ ਦੇ ਦਿੱਤੀ ਗਈ ਹੈ। ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਪੂਰੀ ਕੋਸ਼ਿਸ਼ ਰਹੇਗੀ ਕਿ ਇਨ੍ਹਾਂ ਦੀ ਵੀ ਕੱਲ੍ਹ ਜ਼ਮਾਨਤ ਹੋ ਜਾਵੇ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਕਿ ਜਲਦ ਹੀ ਜੇਲ੍ਹਾਂ ‘ਚ ਬੰਦ ਨੌਜਵਾਨਾਂ ਨੂੰ ਰਿਹਾਅ ਕਰਵਾਇਆ ਜਾਵੇ ਤੇ ਅਸੀਂ ਲੋਕਾਂ ਨੂੰ ਪੂਰਾ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਇਹ ਲੜਾਈ ਡਟ ਕੇ ਲੜ ਰਹੇ ਹਾਂ ਤੇ ਇਸ ‘ਚ ਜ਼ਰੂਰ ਜਿੱਤਾਂਗੇ। ਸਾਡੀ ਪੂਰੀ ਕੋਸ਼ਿਸ਼ ਰਹੇਗੀ ਕਿ ਇੱਕ ਹਫਤੇ ਦੇ ਅੰਦਰ ਸਾਰਿਆਂ ਦੀ ਜ਼ਮਾਨਤ ਹੋ ਜਾਵੇ। ਉਨ੍ਹਾਂ ਸਾਡੇ ਲੀਗਲ ਸੈੱਲ ਤੇ ਐਡਵੋਕੇਟ ਸਾਹਿਬਾਨਾਂ ਦਾ ਧੰਨਵਾਦ ਕੀਤਾ ਜੋ ਕਿ ਸਾਡੀ ਪੂਰੀ ਮਦਦ ਕਰ ਰਹੇ ਹਨ। ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦਾ ਤੇ ਕਿਸਾਨ ਮੋਰਚੇ ਦੇ ਲੀਗਲ ਸੈੱਲ ਦਾ ਵੀ ਧੰਨਵਾਦੀ ਹਾਂ ਜਿਨ੍ਹਾਂ ਨੇ ਜੇਲ੍ਹਾਂ ‘ਚ ਬੰਦ ਨੌਜਵਾਨਾਂ ਨੂੰ ਰਿਹਾਅ ਕਰਵਾਉਣ ‘ਚ ਆਪਣੀ ਪੂਰੀ ਵਾਹ ਲਗਾ ਦਿੱਤੀ।