ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਬਣਿਆਂ ਪੰਜਾਬ ਵਿੱਚ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਇਸ ਮੌਕੇ ‘ਤੇ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੰਦੇ ਹੋਏ ਸੂਬੇ ਦੀਆਂ ਚਾਰ ਸੜਕਾਂ ਨੂੰ ਆਉਣ-ਜਾਣ ਵਾਲਿਆਂ ਲਈ ਟੋਲ ਫ੍ਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਵਿਸ਼ੇਸ਼ ਮੁਰੰਮਤ ਕੀਤੀ ਗਈ ਹੈ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੀਆਂ ਇੱਕ ਸਾਲ ਦੌਰਾਨ ਕੀਤੀਆਂ ਪ੍ਰਾਪਤੀਆਂ ਦੀ ਸੂਚੀ ਦਿੰਦਿਆਂ ਦੱਸਿਆ ਕਿ ਲੁਧਿਆਣਾ-ਮਾਲੇਰਕੋਟਲਾ, ਹੁਸ਼ਿਆਰਪੁਰ-ਟਾਂਡਾ, ਮੱਖੂ ਵਿਖੇ ਹਾਈ ਲੈਵਲ ਬ੍ਰਿਜ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕਾਂ ਨੂੰ ਆਉਣ-ਜਾਣ ਵਾਲਿਆਂ ਲਈ ਟੋਲ ਫਰੀ ਕਰ ਦਿੱਤਾ ਗਿਆ ਹੈ।
ਇਨ੍ਹਾਂ ਟੋਲ ਪਲਾਜ਼ਿਆਂ ਦੇ ਠੇਕੇ ਦੀ ਸਮਾਂ ਸੀਮਾ ਖਤਮ ਹੋ ਚੁੱਕੀ ਹੈ ਪਰ ਕੰਪਨੀਆਂ ਇਸ ਨੂੰ ਵਧਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਰਹੀਆਂ ਸਨ। ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨੂੰ ਇਸ ਬੋਝ ਤੋਂ ਮੁਕਤ ਕਰਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ।
ਵਿਭਾਗ ਵੱਲੋਂ ਕੀਤੇ ਗਏ ਅਜਿਹੇ ਹੋਰ ਉਪਰਾਲਿਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022-23 ਦੌਰਾਨ 215 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ 65 ਸੇਵਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਸ਼ੇਸ਼ ਸਹਾਇਤਾ ਸਕੀਮ ਤਹਿਤ 86.70 ਕਰੋੜ ਰੁਪਏ ਦੀ ਲਾਗਤ ਨਾਲ 166 ਕਿਲੋਮੀਟਰ ਸੜਕ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਿੰਕ ਸੜਕ ਪ੍ਰਾਜੈਕਟਾਂ ਤਹਿਤ ਮੁਕੰਮਲ ਅਤੇ ਚੱਲ ਰਹੇ ਕੰਮਾਂ ‘ਤੇ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਲੰਮੀ ਸੜਕ ਦਾ ਨਿਰਮਾਣ ਮੁਕੰਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : DGP ਯਾਦਵ ਬੋਲੇ, ‘ਲਾਰੇਂਸ ਦਾ ਇੰਟਰਵਿਊ ਪੰਜਾਬ ਜੇਲ੍ਹ ਦਾ ਨਹੀਂ’, ਵਿਖਾਇਆ ਗੈਂਗਸਟਰ ਦਾ ਲੇਟੇਸਟ ਹੁਲੀਆ
ਹੋਰ ਲੋਕ ਭਲਾਈ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਜੀ-20 ਮੀਟਿੰਗਾਂ ਲਈ ਸਕੂਲਾਂ, ਵਿਰਾਸਤੀ ਗੇਟਾਂ ਅਤੇ ਗਲੀਆਂ ਦੀ ਮੁਰੰਮਤ, ਚਾਰ ਮਾਰਗੀ ਸੜਕਾਂ ਅਤੇ ਸਜਾਵਟੀ ਫੁੱਲ ਅਤੇ ਪੌਦੇ ਲਗਾ ਕੇ ਸੁੰਦਰੀਕਰਨ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ ਦੀਆਂ ਵੱਖ-ਵੱਖ ਸਰਕਾਰੀ ਇਮਾਰਤਾਂ, ਹਸਪਤਾਲਾਂ ਅਤੇ ਜਨਤਕ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਵੱਡੇ ਪੱਧਰ ‘ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਅਤੇ ਮੁਕੰਮਲ ਕੀਤੇ ਕੰਮਾਂ ‘ਤੇ 411 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਿੰਡਾਂ ਦੀਆਂ 373 ਕਿਲੋਮੀਟਰ ਸੜਕਾਂ ਦਾ ਮੁਰੰਮਤ ਕੀਤਾ ਗਿਆ ਹੈ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 58.26 ਕਰੋੜ ਰੁਪਏ ਦੀ ਲਾਗਤ ਨਾਲ 28 ਐੱਚ.ਐੱਲ.ਬੀ./ ਆਰ.ਓ.ਬੀ./ ਆਰ.ਯੂ.ਬੀ. ‘ਤੇ ਕੰਮ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: