ਪਟਿਆਲਾ ਦੇ ਭੁਨਰਹੇੜੀ ਵਿਚ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਦੇਵੀਗੜ੍ਹ ਰੋਡ ‘ਤੇ ਕਾਰ ਦੇ ਨਾਲੇ ‘ਚ ਡਿੱਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ।
ਮ੍ਰਿਤਕਾਂ ਦੀ ਪਛਾਣ ਪ੍ਰਤੀਕ ਸਿੰਘ ਅਤੇ ਹਰਸ਼ਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ’ਚੋਂ ਪ੍ਰਤੀਕ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦਾ ਇਕ ਬੱਚਾ ਹੈ ਅਤੇ ਹਰਸ਼ਦੀਪ ਸਿੰਘ ਅਜੇ ਕੁਆਰਾ ਸੀ। ਇਹ ਦੋਵੇਂ ਇਮੀਗ੍ਰੇਸ਼ਨ ਦਾ ਕੰਮ ਕਰਦੇ ਸਨ। ਜਦਕਿ ਜ਼ਖਮੀ ਗੁਰਜੰਟ ਸਿੰਘ ਅਤੇ ਰਾਕੇਸ਼ ਕੁਮਾਰ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਗੁਰਜੰਟ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਦੀ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੇਕਾਬੂ ਹੋ ਕੇ ਨਾਲੇ ‘ਚ ਜਾ ਡਿੱਗੀ।
ਭੁਨਰਹੇੜੀ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਕਰੀਬ 12.30 ਵਜੇ ਵਾਪਰੀ। ਅਸੀਂ ਉਨ੍ਹਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਣ ਵਿੱਚ ਕਾਮਯਾਬ ਰਹੇ ਪਰ ਉਨ੍ਹਾਂ ਵਿੱਚੋਂ ਦੋ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਹੈ।
ਏ.ਐਸ.ਆਈ. ਨੇ ਦੱਸਿਆ ਕਿ ਗੁਰਜੰਟ ਸਿੰਘ ਦੇ ਬਿਆਨਾਂ ‘ਤੇ ਪੁਲਿਸ ਨੇ ਧਾਰਾ 279 (ਰੈਸ਼ ਡਰਾਈਵਿੰਗ), 427 (ਸ਼ਰਾਰਤਾਂ ਕਾਰਨ ਨੁਕਸਾਨ ਪਹੁੰਚਾਉਣਾ), 304-ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਅਤੇ 337 (ਕਿਸੇ ਵਿਅਕਤੀ ਨੂੰ ਨੁਕਸਾਨ ਪਹੁੰਚਾਉਣਾ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: